ਸਮਰਾਲਾ, 29 ਜੁਲਾਈ (ਕੁਲਵਿੰਦਰ ਸਿੰਘ)-ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਦੇ ਉੱਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ 30 ਜੁਲਾਈ ਨੂੰ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਡਟ ਕੇ ਹਮਾਇਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਬੰਬ ਚੇਅਰਮੈਨ ਐੱਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਨੇ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਆਗੂ ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ. ਡਿਪਾਰਟਮੈਂਟ ਦੇ ਰਾਸ਼ਟਰੀ ਚੇਅਰਮੈਨ ਰਜਿੰਦਰਪਾਲ ਗੌਤਮ, ਨੈਸ਼ਨਲ ਕੋਆਰਡੀਨੇਟਰ ਤੇ ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ. ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਂ ਦੇ ਦਿਸਾ-ਨਿਰਦੇਸ਼ਾਂ ਅਤੇ ਸਾਡੇ ਲੀਡਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਬੀਰ ਸਿੰਘ ਲੱਖਾ ਪਾਇਲ , ਵਿਧਾਨ ਸਭਾ ਹਲਕਾ ਸਮਰਾਲਾ ਦੇ ਕਾਂਗਰਸ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਤਿੰਨੇ ਹਲਕਿਆਂ ਦੇ ਐੱਸ. ਸੀ. ਡਿਪਾਰਟਮੈਂਟ ਦੇ ਅਹੁਦੇਦਾਰ ਅਤੇ ਕਾਂਗਰਸ ਵਰਕਰ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਨਾਲ ਖੜੇ ਹਨ। ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਹੀ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਕਿ ਇਹ ਵੀ ਆਪਣਾ ਭਵਿੱਖ ਚੰਗਾ ਮਹਿਸੂਸ ਕਰ ਸਕਣ।