ਕੁੱਲ ਹਿੰਦ ਕਿਸਾਨ ਸਭਾ ਨੇ ਮੰਗਾਂ ਪ੍ਰਤੀ ਐੱਸ. ਡੀ. ਐੱਮ. ਦਫ਼ਤਰ ਵਿਖੇ ਤਹਿਸੀਲਦਾਰ ਸਮਰਾਲਾ ਨੂੰ ਸੌਂਪਿਆ ਮੰਗ-ਪੱਤਰ
ਸਮਰਾਲਾ, 7 ਸਤੰਬਰ (ਕੁਲਵਿੰਦਰ ਸਿੰਘ)-ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕੁੱਲ ਹਿੰਦ ਕਿਸਾਨ ਸਭਾ ਵਲੋਂ ਐੱਸ. ਡੀ.
ਸਮਰਾਲਾ, 7 ਸਤੰਬਰ (ਕੁਲਵਿੰਦਰ ਸਿੰਘ)-ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕੁੱਲ ਹਿੰਦ ਕਿਸਾਨ ਸਭਾ ਵਲੋਂ ਐੱਸ. ਡੀ. ਐੱਮ. ਦਫ਼ਤਰ ਸਮਰਾਲਾ ਵਿਖੇ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਤਹਿਸੀਲਦਾਰ ਸਮਰਾਲਾ ਸੰਦੀਪ ਕੁਮਾਰ ਚੁੱਘ ਨੂੰ 14 ਸੂਤਰੀ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ-ਪੱਤਰ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਨਿੱਕਾ ਸਿੰਘ ਖੇੜਾ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਵਲੋਂ ਸੌਂਪਿਆ ਗਿਆ। ਇਸ ਮੰਗ ਪੱਤਰ ਵਿਚ ਕਿਸਾਨਾਂ ਦੀਆਂ ਭਖਵੀਂਆਂ ਮੰਗਾਂ ਨੂੰ ਉਠਾਇਆ ਗਿਆ, ਜਿਨ੍ਹਾਂ ਵਿਚ ਪ੍ਰਮੁੱਖ ਤੌਰ ‘ਤੇ ਫ਼ਸਲਾਂ ਦੇ ਮੁੱਲ ਵਿਚ ਵਾਧਾ ਕਰ ਕੇ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੇਣਾ, ਸਮੁੱਚੇ ਕਿਸਾਨਾਂ ਦੀ ਬਿਨਾਂ ਸ਼ਰਤ ਕਰਜ਼ਾ ਮੁਕਤੀ ਕਰਨ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ2+50 ਫ਼ਾਰਮੂਲੇ ਤਹਿਤ ਫ਼ਸਲਾਂ ਦਾ ਭਾਅ ਦੇਣ ਦੀ ਮੰਗ ਪ੍ਰਮੁੱਖ ਹੈ। ਇਸ ਤੋਂ ਇਲਾਵਾ ਮੰਗ ਪੱਤਰ ਵਿਚ ਹੜ੍ਹਾਂ ਕਾਰਨ ਖ਼ਰਾਬ ਹੋਈ ਫ਼ਸਲ ਦਾ ਤੁਰੰਤ ਮੁਆਵਜ਼ਾ ਦੇਣਾ, ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ, ਆਜ਼ਾਦੀ ਤੋਂ ਬਾਅਦ ਜ਼ਮੀਨਾਂ ਤੋਂ ਬੇਦਖ਼ਲ ਕੀਤੇ ਗਏ ਕਾਸ਼ਤਕਾਰਾਂ ਨੂੰ ਮਾਲਕੀ ਦੇ ਹੱਕ ਦੇਣ, ਬੁਢਾਪਾ ਪੈਨਸ਼ਨ 5000 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਸ਼ਾਮਲ ਹੈ। ਇਸ ਮੌਕੇ ਸੂਬਾਈ ਆਗੂ ਨਿੱਕਾ ਸਿੰਘ ਖੇੜਾ ਨੇ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੀਆਂ ਹਨ। ਕਿਸਾਨਾਂ ਨੂੰ ਲਾਰੇ ਲਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕੁੱਲ ਹਿੰਦ ਕਿਸਾਨ ਸਭਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰੇਗੀ ਅਤੇ ਮਜਬੂਰਨ ਸੜਕਾਂ ‘ਤੇ ਉੱਤਰ ਕੇ ਵੱਡਾ ਸੰਘਰਸ਼ ਵਿੱਢਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਕਾਸ਼ ਸਿੰਘ ਉਧੋਵਾਲ, ਦਿਲਬਾਗ ਸਿੰਘ ਬਾਗ, ਸ਼ਾਮ ਸਿੰਘ, ਚਤਰ ਸਿੰਘ, ਸੁਰਿੰਦਰ ਸਿੰਘ, ਬਾਬਾ ਸਿੰਘ, ਅਸ਼ੋਕ ਖੇੜਾ, ਬਲਜੀਤ ਸਿੰਘ, ਬਲਕਾਰ ਸਿੰਘ, ਸ਼ਿੰਦਰਪਾਲ ਸਿੰਘ, ਸੰਦੀਪ ਸਿੰਘ, ਅਜੀਤ ਸਿੰਘ, ਮੰਨਾ ਮਾਣਕੀ, ਗਾਗੋ ਕੁੱਲੇਵਾਲ, ਬਾਬਾ ਗੋਧਲ ਆਦਿ ਮੌਜੂਦ ਸਨ।