ਨਸ਼ਿਆਂ ਖਿਲਾਫ ਪੁਲਿਸ ਦੇ ਨਾਲ ਲੋਕਾਂ ਦੀ ਭੂਮਿਕਾ ਵੀ ਬਰਾਬਰ ਜ਼ਰੂਰੀ–ਡਾ. ਦਰਪਣ ਆਹਲੂਵਾਲੀਆ
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿਚ ਸੀਨੀਅਰ ਪੁਲਿਸ ਕਪਤਾਨ (ਐਸ. ਐਸ.
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿਚ ਸੀਨੀਅਰ ਪੁਲਿਸ ਕਪਤਾਨ (ਐਸ. ਐਸ. ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਅਤੇ ਨਸ਼ਿਆਂ ਦੇ ਹੌਟਸਪੌਟ ਵਜੋਂ ਚਰਚਿਤ ਹਲਕਾ ਪਾਇਲ ਦੇ ਪਿੰਡ ਬਿਲਾਸਪੁਰ ਵਿਖੇ ਪਹੁੰਚੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆਂ ਨੇ ਅਫ਼ਸਰਸ਼ਾਹੀ ਵਾਲਾ ਰਿਵਾਇਤੀ ਰਵੱਈਆ ਛੱਡਦਿਆਂ ਪਿੰਡ ਦੀ ਸੱਥ ਵਿੱਚ ਲੋਕਾਂ ਦੇ ਨਾਲ ਖੁਦ ਜ਼ਮੀਨ ’ਤੇ ਬੈਠ ਕੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਸੰਬੰਧੀ ਸੁਝਾਅ ਲਏ। ਉਨ੍ਹਾਂ ਸੱਥ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਰਹੀ ਹੈ, ਪਰ ਜਦੋਂ ਤੱਕ ਲੋਕ ਪੁਲਿਸ ਦਾ ਸਾਥ ਨਹੀਂ ਦੇਣਗੇ, ਉਦੋਂ ਤੱਕ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਮੁਸ਼ਕਿਲ ਹੈ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕਾਂ ਨੂੰ ਕੋਈ ਉਪਦੇਸ਼ ਜਾਂ ਹੁਕਮ ਦੇਣ ਨਹੀਂ, ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਜ਼ਮੀਨੀ ਹਕੀਕਤ ਜਾਣਨ ਲਈ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਪੁਲਿਸ ਅਤੇ ਲੋਕਾਂ ਨੂੰ ਇਕੱਠੇ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਇਸੇ ਤਰ੍ਹਾਂ ਨਸ਼ਿਆਂ ਦੀ ਵਰਤੋਂ ਕਰ ਰਹੇ ਨੌਜਵਾਨਾਂ ਬਾਰੇ ਵੀ ਪੁਲਿਸ ਅਤੇ ਸੰਬੰਧਤ ਵਿਭਾਗਾਂ ਨੂੰ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਹਿਯੋਗ ਕੀਤਾ ਜਾ ਸਕਦਾ ਹੈ। ਐਸ. ਐਸ. ਪੀ. ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਿਆਂ ਸਬੰਧੀ ਮਿਲਣ ਵਾਲੀ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਐਸ. ਪੀ. ਰਾਕੇਸ਼ ਯਾਦਵ, ਡੀ. ਐਸ. ਪੀ. ਪਾਇਲ ਹਰਮਨਦੀਪ ਸਿੰਘ ਚੀਮਾ, ਐਸ. ਐਚ. ਓ. ਪਾਇਲ ਇੰਸ. ਹਰਦੀਪ ਸਿੰਘ, ਰੀਡਰ ਰਾਉਵਰਿੰਦਰ ਸਿੰਘ ਰੀਡਰ, ਤੋਂ ਇਲਾਵਾ ਪਿੰਡ ਬਿਲਾਸਪੁਰ ਦੇ ਸਰਪੰਚ ਰਣਜੀਤ ਸਿੰਘ ਬਿੱਲੂ, ਗੁਰਵਿੰਦਰ ਸਿੰਘ ਰਾਣਾ, ਸਰਬਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਅਤੇ ਨੋਜਵਾਨ ਸ਼ਾਮਿਲ ਸਨ।