ਖੰਨਾ ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵੱਲ ਨਵਾਂ ਕਦਮ, ਪੇਂਟਿੰਗਾਂ ਰਾਹੀਂ ਬੱਚਿਆਂ ਨੇ ਦਿੱਤਾ ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ
*ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਸਦਕਾ ਕਰਾਏ ਗਏ ਪੇਟਿੰਗ ਮੁਕਾਬਲੇ
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ. ਐਸ.
ਬ
ਬੱਚਿਆਂ ਵਲੋਂ ਬਣਾਈਆਂ ਪੇਂਟਿੰਗਾਂ ਨੂੰ ਦੇਖਦੇ ਹੋਏ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ। ਤਸਵੀਰ : ਸੋਨੀ ਗਿੱਲ
08-10-2026
ਖੰਨਾ, 7 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਾਂਝ ਟੀਮ ਵਲੋਂ ਕਰਵਾਏ ਗਏ, ਜਿਸ ਵਿੱਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਪੇਂਟਿੰਗਾਂ ਰਾਹੀਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਾਂ ਨੂੰ ਦੇਖਿਆ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਐਸ. ਐਸ. ਪੀ ਦੀ ਮੌਜੂਦਗੀ ਨਾਲ ਬੱਚਿਆਂ ਵਿਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਗੱਲਬਾਤ ਕਰਦਿਆਂ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਅਤੇ ਬਹੁਪੱਖੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਜਿੱਥੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ੇ ਦੀ ਮਾੜੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਵਿਚ ਸਮਾਜ ਦੇ ਹਰ ਵਰਗ ਦੀ ਭੂਮਿਕਾ ਜ਼ਰੂਰੀ ਹੈ। ਖਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸੇ ਮਕਸਦ ਨਾਲ ਖੰਨਾ ਪੁਲਿਸ ਵਲੋਂ ਸਕੂਲਾਂ ਅਤੇ ਹੋਰ ਥਾਵਾਂ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਐਸ. ਐਸ. ਪੀ ਨੇ ਕਿਹਾ ਕਿ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਮਕਸਦ ਬੱਚਿਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਰਾਹੀਂ ਸਮਾਜ ਤੱਕ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸੁਨੇਹਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਹੀ ਆਉਣ ਵਾਲੇ ਪੰਜਾਬ ਦੀ ਤਸਵੀਰ ਤਿਆਰ ਕਰੇਗੀ। ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ। ਪੇਂਟਿੰਗ ਮੁਕਾਬਲੇ ਵਿੱਚ ਬੱਚਿਆਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਨਸ਼ਿਆਂ ਦੇ ਨੁਕਸਾਨ, ਨਸ਼ਾ ਮੁਕਤ ਸਮਾਜ ਅਤੇ ਸਿਹਤਮੰਦ ਪੰਜਾਬ ਦਾ ਸੁਨੇਹਾ ਦਿੱਤਾ। ਕਈ ਪੇਂਟਿੰਗਾਂ ਵਿੱਚ ਬੱਚਿਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਅੰਤ ਵਿੱਚ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਭਾਗ ਲੈਣਾ ਵੀ ਆਪਣੇ ਆਪ ਵਿੱਚ ਇੱਕ ਉਪਲਬਧੀ ਹੈ ਅਤੇ ਬੱਚਿਆਂ ਵੱਲੋਂ ਦਿੱਤਾ ਗਿਆ ਨਸ਼ਾ ਵਿਰੋਧੀ ਸੁਨੇਹਾ ਸਮਾਜ ਲਈ ਪ੍ਰੇਰਣਾਦਾਇਕ ਹੈ।