ਮੈਗਾ ਮਾਪੇ-ਅਧਿਆਪਕ ਮਿਲਣੀ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦਾ ਉਪਰਾਲਾ-ਤਰੁਨਪ੍ਰੀਤ ਸਿੰਘ ਸੌਂਦ
ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ. ਟੀ.
ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ. ਟੀ. ਐਮ.) ਪ੍ਰੋਗਰਾਮ ਤਹਿਤ ਰਘਵੀਰ ਸਿੰਘ ਫਰੀਡਮ ਫਾਈਟਰ ਪੀ. ਐਮ. ਸ੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ, ਖੰਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਲਹੇੜੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਿੱਖਿਆ ਪ੍ਰਣਾਲੀ ਵਿਚ ਮਾਪਿਆਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੈਗਾ ਪੀ. ਟੀ. ਐਮ. ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਦਾ ਜਾਇਜ਼ਾ ਲੈਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਨਸਿਕ, ਨੈਤਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਯਕੀਨੀ ਬਣਾਉਣਾ ਹੈ। ਸੌਂਦ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਅਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ। ਉਨ੍ਹਾਂ ਨੂੰ ਮਿਆਰੀ ਸਿੱਖਿਆ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਮਾਪਿਆਂ ਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਵਿਦਿਅਕ ਸਹੂਲਤਾਂ ਦੇ ਹਾਣ ਦਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਬਿਹਤਰ ਤਾਲਮੇਲ ਸਥਾਪਤ ਹੁੰਦਾ ਹੈ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣ ਅਤੇ ਸਮੇਂ ਸਿਰ ਸੁਧਾਰਾਤਮਕ ਕਦਮ ਚੁੱਕਣ ਵਿਚ ਮਦਦ ਮਿਲਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਲਹੇੜੀ ਵਿਖੇ ਸਾਇੰਸ ਲੈਬ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਓ. ਐਸ. ਡੀ. ਕਰਨ ਅਰੋੜਾ, ਵਾਰਡ ਨੰਬਰ 8 ਦੇ ਕੌਂਸਲਰ ਰਾਜ ਲਖੀਆ, ਅਮਨਦੀਪ ਸਿੰਘ ਪੂਰੇਵਾਲ, ਪੁਨੀਤ ਖੱਟਰ ਸਮੇਤ ਸਕੂਲਾਂ ਦੇ ਅਧਿਆਪਕ, ਐਸ. ਐਮ. ਸੀ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।