ਖੰਨਾ ਦੇ ਨਵੇਂ ਏ. ਡੀ. ਸੀ. ਅਨਮਜੋਤ ਕੌਰ ਨੇ ਅਹੁਦਾ ਸੰਭਾਲਿਆ
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਏ. ਡੀ.
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਏ. ਡੀ. ਸੀ.) ਅਨਮਜੋਤ ਕੌਰ ਪੀ. ਸੀ. ਐਸ. ਨੇ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਅਨਮਜੋਤ ਕੌਰ ਨੇ ਕਿਹਾ ਕਿ ਜਲਦ ਹੀ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੰਮ ਵਾਲੇ ਦਿਨ ਉਨ੍ਹਾਂ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਸਾਂਝੇ ਕਰ ਸਕਦੇ ਹਨ, ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਝੋਨੇ ਦੇ ਸੀਜ਼ਨ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੰਨਾ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਸਮੇਂ ਝੋਨੇ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਉਹ ਜਲਦ ਹੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਅਨਮਜੋਤ ਕੌਰ ਨੇ ਕਿਹਾ ਕਿ ਖੰਨਾ ਸ਼ਹਿਰ ਅਤੇ ਇਲਾਕੇ ਦੇ ਲੋਕ ਬਹੁਤ ਹੀ ਸੂਝਵਾਨ ਅਤੇ ਪੜ੍ਹੇ-ਲਿਖੇ ਹਨ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਖੰਨਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਮੌਕੇ ਦਫ਼ਤਰ ਦੇ ਸਟਾਫ਼ ਵਲੋਂ ਨਵੇਂ ਆਏ ਏ. ਡੀ. ਸੀ. ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਚੇਤਨ ਖੰਨਾ ਰੀਡਰ, ਰਾਜੂ ਜੂਨੀਅਰ ਅਸਿਸਟੈਂਟ, ਪਰਿਵਾਰ ਸਿੰਘ ਆਰਮ ਕਲਰਕ ਤੇ ਮਹਿਤਾਬ ਸਿੰਘ ਆਦਿ ਹਾਜ਼ਰ ਸਨ।