ਦੋ ਨੌਜਵਾਨਾਂ ਦੀ ਮੌਤ ਮਗਰੋਂ ਹਰਕਤ ’ਚ ਆਈ ਮਾਛੀਵਾੜਾ ਪੁਲਿਸ, ਨਸ਼ਾ ਤਸਕਰਾਂ ’ਤੇ ਕੱਸਿਆ ਸ਼ਿਕੰਜਾ
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਇਲਾਕੇ ’ਚ ਨਸ਼ੇ ਦੀ ਓਵਰ ਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਨੌਜਵਾਨਾਂ ਦੀਆਂ ਮੌਤਾਂ ਨੇ ਇਲਾਕੇ ’ਚ ਨਸ਼ੇ ਦੇ ਵਧਦੇ ਕਹਿਰ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਇਲਾਕੇ ’ਚ ਨਸ਼ੇ ਦੀ ਓਵਰ ਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆ ਗਿਆ ਹੈ। ਨੌਜਵਾਨਾਂ ਦੀਆਂ ਮੌਤਾਂ ਨੇ ਇਲਾਕੇ ’ਚ ਨਸ਼ੇ ਦੇ ਵਧਦੇ ਕਹਿਰ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਗਰੋਂ ਮਾਛੀਵਾੜਾ ਪੁਲਿਸ ਵਲੋਂ ਤਸਕਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਲਗਾਤਾਰ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਚਾਰ ਵਿਅਕਤੀਆਂ ਨੂੰ 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀ. ਐੈੱਸ. ਪੀ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਰੋਜ਼ਾਨਾ ਤੜਕਸਾਰ ਨਾਕਾਬੰਦੀ ਕਰਨ ਦੇ ਨਾਲ-ਨਾਲ ਸ਼ੱਕੀ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਹਿਲੇ ਮਾਮਲੇ ’ਚ ਪੁਲਿਸ ਟੀਮ ਵਲੋਂ ਨਹਿਰ ਗੜ੍ਹੀ ਤਰਖਾਣਾ ਪੁਲ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਚਾਲਕ ਦੀ ਪਛਾਣ ਨਵਜੋਤ ਸਿੰਘ ਵਾਸੀ ਤੱਖਰਾਂ ਵਜੋਂ ਹੋਈ ਹੈ। ਦੂਜੇ ਮਾਮਲੇ ’ਚ ਸਹਾਇਕ ਥਾਣੇਦਾਰ ਪਰਗਟ ਸਿੰਘ ਵਲੋਂ ਗੜ੍ਹੀ ਪੁਲ ਨੇੜੇ ਹਨੂੰਮਾਨ ਮੰਦਰ ਕੋਲ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਤਿੰਨ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ, ਰਾਜੀਵ ਕੁਮਾਰ ਅਤੇ ਜਸਵੀਰ ਰਾਮ, ਤਿੰਨੇ ਵਾਸੀ ਮਾਛੀਵਾੜਾ ਵਜੋਂ ਕੀਤੀ ਹੈ।