ਗੁਲਜ਼ਾਰ ਗਰੁੱਪ ਨੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਦੀ ਐਨ. ਐੱਸ.
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਦੀ ਐਨ. ਐੱਸ. ਐੱਸ ਯੂਨਿਟ ਵੱਲੋਂ ਕੈਂਪਸ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਵਲੋਂ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਪਾਠ ਨਾਲ ਹੋਈ। ਇਸ ਮੌਕੇ ਸਾਰਿਆਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦਾ ਪ੍ਰਣ ਵੀ ਲਿਆ। ਇਸ ਮੌਕੇ ਭਾਸ਼ਣ ਮੁਕਾਬਲਾ ਅਤੇ ਮੌਲਿਕ ਅਧਿਕਾਰਾਂ, ਨਾਗਰਿਕ ਫਰਜ਼ਾਂ ਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਜੀ.ਜੀ.ਆਈ. ਦੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਪ੍ਰਣਾਲੀ ਦਾ ਮਜ਼ਬੂਤ ਆਧਾਰ ਹੈ। ਡੀਨ ਸਟੂਡੈਂਟ ਵੈਲਫੇਅਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਜਾਤ, ਧਰਮ ਅਤੇ ਲਿੰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਦੇ ਅਧਿਕਾਰ ਪ੍ਰਦਾਨ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਸਮੁੱਚੇ ਕੈਂਪਸ ਵਿੱਚ ਸੰਵਿਧਾਨ ਪ੍ਰਤੀ ਸਤਿਕਾਰ, ਮਾਣ ਅਤੇ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ।