ਟੱਲੇਵਾਲ, 2 ਜਨਵਰੀ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਨੇ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਸਮੇਤ 10 ਪੱਤਰਕਾਰਾਂ ਅਤੇ ਆਰ.ਟੀ.ਆਈ ਕਾਰਕੁਨਾਂ 'ਤੇ ਲੁਧਿਆਣਾ ਦੀ ਪੁਲਿਸ ਵਲੋਂ ਕੀਤੇ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਕੇ ਲੋਕਾਂ 'ਤੇ ਕੀਤੇ ਜਾ ਰਹੇ ਆਰਥਿਕ ਹੱਲਿਆਂ ਦਾ ਟਾਕਰਾ ਕਰ ਰਹੇ ਲੋਕਾਂ ਦੇ ਰੋਹ ਦੀ ਪ੍ਰੈਸ ਰਾਹੀਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ | ਜਿਸ ਨੂੰ ਭਗਵੰਤ ਮਾਨ ਸਰਕਾਰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਕਿਸਾਨਾਂ ਆਗੂਆਂ ਨੇ ਸੱਦਾ ਦਿੱਤਾ ਕਿ ਸਰਕਾਰ ਦੇ ਇਸ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਸੰਘਰਸ਼ ਦੇ ਮੈਦਾਨ 'ਚ ਆਉਣ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵਲੋਂ ਜੋ ਵੀ ਇਸ ਖ਼ਿਲਾਫ਼ ਪ੍ਰੋਗਰਾਮ ਉਲੀਕਿਆ ਜਾਵੇਗਾ ਜਥੇਬੰਦੀ ਵਲੋਂ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ ਅਤੇ ਬਾਕੀ ਆਗੂਆਂ ਨੂੰ ਵੀ ਜੇਲ੍ਹਾਂ ਵਿਚ ਬੰਦ ਕਰ ਕੇ ਦੀਆਂ ਸਕੀਮਾਂ ਘੜ ਰਹੀ ਹੈ ਤਾਂ ਜੋ ਲੋਕ ਵਿਰੋਧੀ ਨੀਤੀਆਂ ਲੋਕਾਂ 'ਤੇ ਮੜ੍ਹੀਆਂ ਜਾ ਸਕਣ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਖ਼ਿਲਾਫ਼ ਕੀਤਾ ਪੁਲਿਸ ਪਰਚਾ ਰੱਦ ਕੀਤਾ ਜਾਵੇ, ਮਜ਼ਦੂਰ ਆਗੂ ਮੁਕੇਸ਼ ਮਲੌਦ ਖ਼ਿਲਾਫ਼ ਪਰਚਾ ਰੱਦ ਕਰ ਕੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |