ਰੂੜੇਕੇ ਕਲਾਂ, 2 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਪੰਜਾਬ ਦੇ ਕਈ ਪੱਤਰਕਾਰਾਂ 'ਤੇ ਮੁੱਖ ਮੰਤਰੀ ਪੰਜਾਬ ਦੇ ਜਹਾਜ਼ ਦੀ ਵਰਤੋਂ ਸਬੰਧੀ ਸਵਾਲ ਪੁੱਛਣ 'ਤੇ ਦਰਜ ਕੀਤੇ ਗਏ ਝੂਠੇ ਪਰਚੇ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹਨ ਕਿੳਾੁਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜੋ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਝੂਠੇ ਵਾਅਦੇ ਕੀਤੇ ਸਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ | ਪੱਤਰਕਾਰਾਂ ਅਤੇ ਮੀਡੀਏ ਵਲੋਂ ਸਵਾਲ ਪੁੱਛਣ 'ਤੇ ਝੂਠੇ ਮਾਮਲੇ ਦਰਜ ਕਰ ਕੇ ਪੰਜਾਬ ਸਰਕਾਰ ਸੰਵਿਧਾਨਕ ਹੱਕ ਮਨੁੱਖਤਾ ਦੀ ਬੋਲਣ ਅਤੇ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਕਰ ਕੇ ਮੀਡੀਆ ਦੀ ਲੋਕ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਆਪਣੇ ਗ੍ਰਹਿ ਧੌਲਾ ਵਿਖੇ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਦੀ ਪਹਿਲੀ ਵਾਰ ਚੋਣ ਲੜੀ ਸੀ ਉਸ ਸਮੇਂ ਉਹ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਨੂੰ ਸੰਬੋਧਨ ਕਰ ਕੇ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਤੋਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਸਨ | ਹੁਣ ਫੇਰ ਸਵਾਲ ਪੁੱਛਣ 'ਤੇ ਝੂਠੇ ਪਰਚੇ ਕਿਉਂ ਦਰਜ ਕੀਤੇ ਜਾ ਰਹੇ ਹਨ? ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਹਲਕਾ ਭਦੌੜ ਵਿਚ ਕਾਂਗਰਸੀ ਵਰਕਰ ਅਹੁਦੇਦਾਰਾਂ ਵਲੋਂ ਵੱਡੀ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਤਿੱਖਾ ਵਿਰੋਧ ਕਰਾਂਗੇ | ਇਸ ਮੌਕੇ ਕਾਂਗਰਸੀ ਵਰਕਰ ਅਹੁਦੇਦਾਰ ਵੀ ਹਾਜ਼ਰ ਸਨ |