ਮਹਿਲ ਕਲਾਂ, 5 ਜਨਵਰੀ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਪੁਲਿਸ ਵਲੋਂ ਕੀਤੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ, ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਮਨਾਲ ਵਿਖੇ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸਨ | ਮਿਲੀ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਗੁਰਸ਼ਰਨ ਸਿੰਘ ਵਾਸੀ ਕੁਰੜ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸ ਮਾਮਲੇ ਸਬੰਧੀ ਥਾਣਾ ਠੁੱਲੀਵਾਲ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ-ਪਿੰਡ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਤੋਂ ਇਲਾਵਾ ਨਸ਼ਾ ਗ੍ਰਸਤ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਉਨ੍ਹਾਂ ਦਾ ਚੈੱਕਅਪ ਕਰਵਾਉਣ ਉਪਰੰਤ ਇਲਾਜ ਸ਼ੁਰੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਪਿੰਡਾਂ ਦੀਆਂ ਸਮੂਹ ਨਗਰ ਪੰਚਾਇਤਾਂ, ਯੂਥ ਕਲੱਬਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ |