ਰੂੜੇਕੇ ਕਲਾਂ, 28 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-29 ਜਨਵਰੀ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਦੀ ਤਿਆਰੀ 'ਚ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਪਿੰਡ ਪੱਖੋ ਕਲਾਂ, ਧੌਲਾ, ਰੂੜੇਕੇ ਕਲਾਂ, ਧੌਲਾ, ਧੂਰਕੋਟ ਵਿਖੇ ਮਗਨਰੇਗਾ ਕਾਮਿਆਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰ ਕੇ ਵੱਡੀ ਗਿਣਤੀ 'ਚ ਰੈਲੀ 'ਚ ਪਹੁੰਚਣ ਲਈ ਇਲਾਕਾ ਨਿਵਾਸੀਆਂ ਨੂੰ ਲਾਮਬੰਦ ਕੀਤਾ | ਪਿੰਡ ਪੱਖੋ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਧੌਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ ਦੇ ਮਜ਼ਦੂਰਾਂ ਅਤੇ ਮਗਨਰੇਗਾ ਕਾਮਿਆਂ ਦੇ ਹੱਕਾਂ 'ਤੇ ਡਾਕਾ ਮਾਰ ਰਹੀਆਂ ਹਨ | ਪੰਜਾਬ ਦੇ ਕਿਰਤੀ ਲੋਕਾਂ ਨੂੰ ਵਿਸ਼ੇਸ਼ ਯੋਜਨਾ ਤਹਿਤ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ | ਮਜ਼ਦੂਰ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ ਹੈ | ਕਾਂਗਰਸ ਪਾਰਟੀ ਦੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦੇਸ਼ ਦੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਦੇਣ ਲਈ ਮਗਨਰੇਗਾ ਸਕੀਮ ਬਣਾਈ ਸੀ | ਜਿਸ ਨਾਲ ਕਿ ਗ਼ਰੀਬ ਪਰਿਵਾਰਾਂ ਦੇ ਘਰਾਂ ਦਾ ਗੁਜ਼ਾਰਾ ਚੱਲਦਾ ਸੀ | ਹੁਣ ਭਾਜਪਾ ਦੀ ਕੇਂਦਰ ਸਰਕਾਰ ਮਗਨਰੇਗਾ ਸਕੀਮ ਵਿਚ ਬਦਲਾਅ ਕਰ ਕੇ ਇਸ ਨੂੰ ਖ਼ਤਮ ਕਰ ਕੇ ਮਗਨਰੇਗਾ ਕਾਮਿਆਂ ਦਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ | ਕਾਂਗਰਸ ਪਾਰਟੀ ਵਲੋਂ ਮਗਨਰੇਗਾ ਕਾਮਿਆਂ ਦਾ ਰੁਜ਼ਗਾਰ ਬਚਾਉਣ ਲਈ ਦੇਸ਼ ਭਰ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ 'ਚ ਰੈਲੀ 'ਚ ਪਹੁੰਚਣ ਦੀ ਅਪੀਲ ਕੀਤੀ |