ਤਪਾ ਮੰਡੀ, 31 ਜਨਵਰੀ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਏ ਗੁਰਮਤਿ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ | ਇਨ੍ਹਾ ਗੁਰਮਤਿ ਮੁਕਾਬਲਿਆਂ-2025 ਵਿਚ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਪ੍ਰਤੀਯੋਗਤਾ ਵਿਚ ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ਪ੍ਰਭਗੁਣ ਸਿੰਘ ਨੇ ਆਪਣੀ ਬੇਮਿਸਾਲ ਪ੍ਰਤਿਭਾ, ਸਖ਼ਤ ਮਿਹਨਤ ਅਤੇ ਆਤਮਿਕ ਗਿਆਨ ਦੇ ਬਲ 'ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਖੇਤਰ ਦਾ ਨਾਂਅ ਰੌਸ਼ਨ ਕੀਤਾ | ਪ੍ਰਭਗੁਣ ਸਿੰਘ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਜ਼ਿਕਰਯੋਗ ਹੈ ਕਿ ਪ੍ਰਭਗੁਣ ਸਿੰਘ ਨੇ ਇਸ ਮੁਕਾਬਲੇ ਦੇ ਪਹਿਲਾਂ ਹੋਏ ਦੋ ਰਾਉਂਡਾਂ ਵਿਚ ਵੀ ਪਹਿਲਾ ਸਥਾਨ ਹਾਸਲ ਕਰ ਕੇ ਅੰਤਿਮ ਰਾਉਂਡ ਵਿਚ ਪ੍ਰਵੇਸ਼ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਅੰਤਿਮ ਚਰਨ ਵਿਚ ਵੀ ਆਪਣੀ ਕਾਬਲੀਅਤ ਸਾਬਤ ਕਰਦਿਆਂ ਸਿਖਰਲਾ ਸਥਾਨ ਪ੍ਰਾਪਤ ਕੀਤਾ | ਮੁਕਾਬਲੇ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਰਵਨੀਤ ਕੌਰ ਅਤੇ ਵਤਨਦੀਪ ਕੌਰ ਨੇ ਵੀ ਉੱਤਮ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ, ਜਿਸ ਨਾਲ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਹੋਇਆ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਬੱਚਿਆਂ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਸੰਸਕਾਰ ਪੈਦਾ ਕਰਦੇ ਹਨ | ਉਨ੍ਹਾਂ ਨੇ ਅਧਿਆਪਕ ਵਰਗ ਅਤੇ ਮਾਪਿਆਂ ਨੂੰ ਵੀ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |