ਬਰਨਾਲਾ, 1 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੀ ਸ਼ਹਿ 'ਤੇ ਇੰਪਰੂਵਮੈਂਟ ਟਰੱਸਟ ਬਰਨਾਲਾ ਵਲੋਂ ਟਰੱਸਟ ਦੀ ਜਗ੍ਹਾ ਵਿਚ ਪਿਛਲੇ 50-60 ਸਾਲਾਂ ਤੋਂ ਕੁੱਲੀਆਂ ਪਾ ਕੇ ਗੁਜ਼ਾਰਾ ਬਸ਼ਰ ਕਰ ਰਹੇ ਜੋਗੀ - ਨਾਥਾਂ ਦੀਆਂ ਸੱਠ ਦੇ ਕਰੀਬ ਝੁੱਗੀਆਂ ਝੌਂਪੜੀਆਂ ਨੂੰ ਬੁਲਡੋਜ਼ਰ ਫੇਰ ਕੇ ਤਬਾਹ ਕਰ ਦਿੱਤਾ ਗਿਆ ਹੈ | ਉਕਤ ਪ੍ਰਗਟਾਵਾ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ਵਿਚ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਕਾਮਰੇਡ ਖ਼ੁਸ਼ੀਆ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਨਛੱਤਰ ਸਿੰਘ ਰਾਮਨਗਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਆਗੂ ਗੁਰਮੇਲ ਸਿੰਘ, ਸਮਾਜ ਸੇਵੀ ਆਗੂ ਜੱਸੀ ਪੇਧਨੀ, ਜਮਹੂਰੀ ਅਧਿਕਾਰ ਸਭਾ ਦੇ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਅÏਲਖ ਅਤੇ ਹਰਚਰਨ ਸਿੰਘ ਚਹਿਲ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਗ਼ਰੀਬ ਲੋਕਾਂ ਦੇ ਪੱਕੇ ਵਸੇਬੇ ਲਈ ਕਈ ਵਾਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ | ਇੱਥੇ ਰਹਿਣ ਵਾਲੇ ਬਾਲਗ ਲੋਕਾਂ ਦੀਆਂ ਲੰਬੇ ਸਮੇਂ ਤੋਂ ਆਧਾਰ ਕਾਰਡ ਅਤੇ ਵੋਟਾਂ ਬਣੀਆਂ ਹੋਈਆਂ ਹਨ, ਉਨ੍ਹਾਂ ਦੇ ਬੱਚੇ ਇੱਥੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ | ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਦੇਸ਼ ਦੀ ਸਰਵ ਉੱਚ ਅਦਾਲਤ ਵਲੋਂ ਵੀ ਇਹ ਫ਼ੈਸਲੇ ਕੀਤੇ ਗਏ ਹਨ ਕਿ ਲੰਬਾ ਸਮਾਂ ਆਬਾਦ ਕਰ ਕੇ ਬੈਠੇ ਲੋਕਾਂ ਨੂੰ ਉਜਾੜਿਆ ਨਹੀਂ ਜਾਵੇਗਾ ਪਰ ਭਗਵੰਤ ਮਾਨ ਦੀ ਸਰਕਾਰ ਨੇ ਗ਼ਰੀਬ ਜੋਗੀ ਨਾਥਾਂ ਨਾਲ ਸਰਦੀ ਦੇ ਮੌਸਮ ਵਿਚ ਜੱਗੋਂ ਤੇਰ੍ਹਵੀਂ ਕੀਤੀ ਗਈ ਹੈ | ਆਗੂਆਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਪੁਲਿਸ ਵਾਲਿਆਂ ਵਲੋਂ ਇਨ੍ਹਾਂ ਗ਼ਰੀਬਾਂ ਦੀਆਂ ਅÏਰਤਾਂ ਅਤੇ ਬੱਚਿਆਂ ਨੂੰ ਕੁੱਟਮਾਰ ਕਰਕੇ ਝੁੱਗੀਆਂ ਉਜਾੜ ਦਿੱਤੀਆਂ ਹਨ, ਉਨ੍ਹਾਂ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇ, ਝੁੱਗੀ ਝੌਂਪੜੀ ਵਾਲਿਆਂ ਨੂੰ ਮੁੜ ਵਸੇਬੇ ਤਹਿਤ ਘਰ ਪਾਉਣ ਲਈ ਪਲਾਟ ਦਿੱਤੇ ਜਾਣ | ਆਗੂਆਂ ਨੇ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿਚ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਇਕੱਠਾ ਕਰ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ |