ਬਰਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ 3 ਫਰਵਰੀ ਤੋਂ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਜ਼ਿਲ੍ਹੇ ਦੇ ਪਿੰਡ ਬਡਬਰ, ਬਰਨਾਲਾ ਦੇ ਵਾਰਡ ਨੰਬਰ 7, ਹੰਡਿਆਇਆ ਦੇ ਵਾਰਡ ਨੰਬਰ 11, ਭੱਦਲਵੱਡ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿਚ ਕੈਂਪ ਲਗਾਏ ਜਾਣਗੇ | ਉਨ੍ਹਾਂ ਸਬੰਧਿਤ ਐਸ.ਡੀ.ਐਮ. ਅਤੇ ਬੀ.ਡੀ.ਪੀ.ਓ. ਨੂੰ ਸਬੰਧਿਤ ਪਿੰਡਾਂ ਅਤੇ ਵਾਰਡਾਂ ਵਿਚ ਅਨਾਊਾਸਮੈਂਟ ਕਰਵਾਉਣ ਅਤੇ ਹੋਰ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ ਕੀਤੀ ਤਾਂ ਜੋ ਸਾਰੇ ਯੋਗ ਵਿਅਕਤੀ ਇਸ ਸਕੀਮ ਦਾ ਲਾਹਾ ਲੈ ਸਕਣ ਅਤੇ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਪਹਿਲਾਂ ਸਬੰਧਿਤ ਵਿਅਕਤੀ ਨੂੰ ਅਪਾਇੰਟਮੈਂਟ ਸਲਿੱਪ ਦਿੱਤੀ ਜਾਵੇਗੀ ਅਤੇ ਇਸ ਮਗਰੋਂ ਕਾਰਡ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ | ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਹਤ ਕਾਰਡ ਬਣਾਉਣ ਲਈ 18 ਸਾਲ ਤੋਂ ਉੱਪਰ (ਬਾਲਗ) ਵਿਅਕਤੀ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰੀ ਹੈ ਅਤੇ 18 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਲੋੜੀਂਦਾ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧੀ ਸਟਾਫ਼ ਨੂੰ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਐਸ.ਡੀ.ਐਮ. ਬਰਨਾਲਾ ਡਾ: ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਅÏਜਲਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |