ਮਹਿਲ ਕਲਾਂ, 3 ਜਨਵਰੀ (ਅਵਤਾਰ ਸਿੰਘ ਅਣਖੀ)-ਡੀ. ਸੀ. ਦਫ਼ਤਰ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਕੇਂਦਰੀ ਫ਼ੈਸਲੇ ਅਨੁਸਾਰ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਜਥੇਬੰਦੀ ਦੇ ਪ੍ਰਧਾਨ ਤਰਸੇਮ ਭੱਠਲ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੀਨੀਅਰ ਸਹਾਇਕ ਮਨਜਿੰਦਰ ਸਿੰਘ, ਸੁਪਰਡੈਂਟ ਹਰਵਿੰਦਰ ਸਿੰਘ, ਜੂਨੀਅਰ ਸਹਾਇਕ ਮਨਜੀਤ ਸਿੰਘ, ਬੇਨੂੰ ਗੋਪਾਲ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਨਵੀਰ ਸਿੰਘ, ਅਸੀਤੋਸ ਬਾਵਾ, ਮੱਖਣ ਸਿੰਘ, ਕੁਲਵਿੰਦਰ ਸਿੰਘ ਨੇ ਕਿਹਾ ਕਿ ਮੰਗ ਪੱਤਰ ਵਿਚ ਕਰਮਚਾਰੀਆਂ ਵਲੋਂ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ, ਪੇ-ਕਮਿਸ਼ਨ ਦੀਆਂ ਬਕਾਇਆ ਮੰਗਾਂ, ਏ.ਸੀ.ਪੀ. ਤਰੱਕੀਆਂ ਤੁਰੰਤ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਅਹਿਮ ਮੰਗਾਂ ਨੂੰ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਮੰਗਾਂ ਕਰਮਚਾਰੀਆਂ ਦੀ ਆਰਥਿਕ ਸੁਰੱਖਿਆ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੀਆਂ ਹੋਈਆਂ ਹਨ, ਵੱਖ-ਵੱਖ ਸਰਕਾਰਾਂ ਵਲੋਂ ਇਨ੍ਹਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਸੁਣਵਾਈ ਨਹੀਂ ਹੋਈ | ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੰਗ ਪੱਤਰ ਪੰਜਾਬ ਸਰਕਾਰ ਤੱਕ ਛੇਤੀ ਪਹੁੰਚਾ ਕੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਹੋਣਗੇ |