ਮਹਿਲ ਕਲਾਂ, 3 ਫਰਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛਾਪਾ, ਕੁਤਬਾ, ਨਿਹਾਲੂਵਾਲ, ਸਹਿਜੜਾ ਅਤੇ ਠੁੱਲੀਵਾਲ ਵਿਚ ਵਿਸ਼ੇਸ਼ ਕੈਂਪ ਲਾਏ ਗਏ ਹਨ | ਇਸ ਦੌਰਾਨ ਲੋਕਾਂ ਨੂੰ ਸਿਹਤ ਕਾਰਡ ਬਣਾਉਣ ਸਬੰਧੀ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ 'ਤੇ ਹੀ ਦਸਤਾਵੇਜ਼ਾਂ ਦੀ ਜਾਂਚ ਕਰ ਕੇ ਕਾਰਡ ਤਿਆਰ ਕੀਤੇ ਗਏ | ਸਬ-ਡਵੀਜ਼ਨ ਮਹਿਲ ਕਲਾਂ ਦੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਵਲੋਂ ਕੈਂਪਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ | ਐਸ.ਡੀ.ਐਮ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗ਼ਰੀਬ ਅਤੇ ਮੱਧਮ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਹੈ, ਜਿਸ ਤਹਿਤ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਮੁਫ਼ਤ ਇਲਾਜ ਦੀ ਸੁਵਿਧਾ ਉਪਲਬਧ ਹੈ | ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਸਿਹਤ ਕਾਰਡ ਅਜੇ ਤੱਕ ਨਹੀਂ ਬਣੇ, ਉਹ ਨਜ਼ਦੀਕੀ ਕੈਂਪ 'ਚ ਜਾ ਕੇ ਆਪਣੇ ਕਾਰਡ ਬਣਵਾ ਲੈਣ | ਤਾਂ ਜੋ ਲੋੜ ਵੇਲੇ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕੇ |