ਮਹਿਲ ਕਲਾਂ, 4 ਫਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਿਆਸੀ ਮੈਦਾਨ 'ਚ ਸਰਗਰਮ ਵਾਪਸੀ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ ਤੇ ਹੁਣ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਹੋਰ ਮਜ਼ਬੂਤ ਧਿਰ ਵਜੋਂ ਉਭਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੂੰ ਸੱਤਾ ਸੌਂਪ ਕੇ ਪੂਰੀ ਤਰ੍ਹਾਂ ਪਰਖ ਚੁੱਕੇ ਹਨ | ਦੋਵੇਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ 'ਤੇ ਖਰੀਆਂ ਨਹੀਂ ਉਤਰੀਆਂ, ਜਦਕਿ ਅÏਖੇ ਸਮਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਨਾਲ ਖੜ੍ਹ ਕੇ ਸਰਕਾਰਾਂ ਦੇ ਜ਼ਬਰ ਤੇ ਜ਼ੁਲਮ ਦਾ ਮੂੰਹ-ਤੋੜ ਜਵਾਬ ਦਿੱਤਾ ਹੈ | ਅਕਾਲੀ ਆਗੂ ਨੇ ਕਿਹਾ ਕਿ ਹੜ੍ਹਾਂ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਗੇ ਆ ਕੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਪਹੁੰਚਾਈਆਂ, ਜਿਸ ਕਾਰਨ ਅੱਜ ਵੀ ਲੋਕਾਂ ਦਾ ਭਰੋਸਾ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਅਤੇ ਗਤੀਸ਼ੀਲ ਅਗਵਾਈ ਹੇਠ ਪਾਰਟੀ ਲਗਾਤਾਰ ਅੱਗੇ ਵਧ ਰਹੀ ਹੈ | ਜਥੇਦਾਰ ਹਮੀਦੀ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਵਿਰੋਧੀਆਂ ਨੂੰ ਝੂਠੇ ਕੇਸ ਦਰਜ ਕਰ ਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਗਲੇ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ 'ਆਪ' ਸਰਕਾਰ ਵਲੋਂ ਕੀਤੀਆਂ ਗਈਆਂ ਵਧੀਕੀਆਂ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ | ਅਕਾਲੀ ਆਗੂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਵਧੇਰੇ ਸਹੂਲਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ |