ਮਹਿਲ ਕਲਾਂ, 6 ਫਰਵਰੀ (ਅਵਤਾਰ ਸਿੰਘ ਅਣਖੀ)-ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ 'ਚ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ ਖ਼ਾਲੀ ਅਸਾਮੀਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਭਾਈ ਲਾਲੋ ਪੰਜਾਬੀ ਮੰਚ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਵਿਸ਼ਾਲ ਰੋਸ ਧਰਨਾ 9 ਫਰਵਰੀ, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਭਾਈ ਲਾਲੋ ਪੰਜਾਬੀ ਮੰਚ ਪੰਜਾਬ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਸੀ.ਐੱਚ.ਸੀ. ਮਹਿਲ ਕਲਾਂ ਵਿਚ ਕਾਫੀ ਜਦੋਂ ਜਹਿਦ ਬਾਅਦ ਪਿਛਲੇ ਦਿਨਾਂ 'ਚ ਤਾਇਨਾਤ ਕੀਤੇ ਗਏ ਸਾਰੇ ਮਾਹਿਰ ਡਾਕਟਰ ਇਸ ਸਮੇਂ ਇੱਥੋਂ ਤਬਦੀਲ ਕੀਤੇ ਜਾ ਚੁੱਕੇ ਹਨ | ਇਸ ਬਲਾਕ ਪੱਧਰ ਦੇ ਸਿਵਲ ਹਸਪਤਾਲ 'ਚ ਲੋੜੀਂਦਾ ਸਟਾਫ਼ ਨਾ ਹੋਣ ਕਾਰਨ ਹਾਲਤ ਫਿਰ ਤਰਸਯੋਗ ਬਣੀ ਹੋਈ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਉਸਾਰੇ ਗਈ ਇਸ ਸਿਹਤ ਸੰਸਥਾ 'ਚ ਲੋੜੀਂਦਾ ਸਟਾਫ਼ ਪੂਰਾ ਨਾ ਹੋਣ ਕਾਰਨ ਲੋੜਵੰਦਾਂ ਨੂੰ ਐਮਰਜੈਂਸੀ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਆਗੂ ਖ਼ਿਆਲੀ ਨੇ ਸੂਬਾ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਸਮੂਹ ਸੰਘਰਸ਼ਸ਼ੀਲ ਲੋਕਾਂ ਨੂੰ ਸੀ.ਐੱਚ.ਸੀ. ਮਹਿਲ ਕਲਾਂ ਵਿਖੇ ਖ਼ਾਲੀ ਅਸਾਮੀਆਂ ਨੂੰ ਪੂਰਾ ਕਰਵਾਉਣ ਲਈ 9 ਫਰਵਰੀ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ |