ਟੱਲੇਵਾਲ, 22 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਦੇ ਸ਼ਿਵ ਮੰਦਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਇਕਾਈ ਪ੍ਰਧਾਨ ਗੋਗੀ ਚੀਮਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਆਗੂਆਂ ਵਲੋਂ ਵੱਖ-ਵੱਖ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਪਿੰਡ ਚੀਮਾ ਦੇ ਬੱਸ ਅੱਡੇ 'ਤੇ ਬਣੇ ਕੱਟ ਸਬੰਧੀ ਵਿਚਾਰ ਚਰਚਾ ਕਰ ਕੇ ਅਗਲੀ ਰਣਨੀਤੀ ਤੈਅ ਕੀਤੀ ਗਈ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਸਮਝੌਤੇ ਵਿਚ ਖੇਤੀ ਖੇਤਰ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਿਸ ਦੇ ਚੱਲਦਿਆਂ 10 ਮਾਰਚ ਨੂੰ ਬਰਨਾਲਾ ਵਿਖੇ ਰੱਖੀ ਸੰਯੁਕਤ ਕਿਸਾਨ ਮੋਰਚੇ ਦੀ ਰੈਲੀ ਲਈ ਕਿਸਾਨਾਂ ਨੂੰ ਮੀਟਿੰਗਾਂ ਕਰ ਕੇ ਲਾਮਬੰਦ ਕੀਤਾ ਜਾ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ | ਇਸ ਮੌਕੇ ਹਰਜਿੰਦਰ ਸਿੰਘ ਜਨਰਲ ਸਕੱਤਰ, ਹਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਬਹਾਦਰ ਸਿੰਘ, ਸਾਧੂ ਸਿੰਘ, ਬਘੇਰਾ ਸਿੰਘ, ਗੁਰਤੇਜ ਸਿੰਘ, ਜੰਟਾ ਸਿੰਘ ਹਰੀ, ਗੁਲਜ਼ਾਰ ਸਿੰਘ, ਸੀਰਾ ਸਿੰਘ ਢਿੱਲੋਂ, ਪਾਲ ਸਿੰਘ, ਭੋਲਾ ਸਿੰਘ, ਜੀਤੀ ਸਿੰਘ, ਸੇਵ ਸਿੰਘ, ਸਿਕੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |