ਮਹਿਲ ਕਲਾਂ, 25 ਫਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ 28 ਫਰਵਰੀ ਨੂੰ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਵਿਸ਼ਾਲ ਕਿਸਾਨ ਕਨਵੈੱਨਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ਜਾਣਕਾਰੀ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਕਿਸਾਨ ਕਨਵੈੱਨਸ਼ਨ 'ਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਆਗੂਆਂ ਨੇ ਕਿਹਾ ਕਿ ਕਨਵੈੱਨਸ਼ਨ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਕਿਸਾਨਾਂ ਨੂੰ ਜਾਗਰੂਕ ਕਰ ਕੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ 'ਚ ਨਕਲੀ ਦੁੱਧ ਦੀ ਵਿੱਕਰੀ ਵੱਡੇ ਪੱਧਰ 'ਤੇ ਹੋ ਰਹੀ ਹੈ, ਜਿੱਥੇ 40 ਫ਼ੀਸਦੀ ਤੱਕ ਨਕਲੀ ਦੁੱਧ ਬਾਜ਼ਾਰ ਵਿਚ ਪਹੁੰਚ ਰਿਹਾ ਹੈ, ਜਿਸ ਕਾਰਨ ਅਸਲ ਦੁੱਧ ਉਤਪਾਦਕਾਂ ਅਤੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ ਵੱਖ-ਵੱਖ ਇਕਾਈਆਂ ਅਤੇ ਆਗੂਆਂ, ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ, ਤਾਂ ਜੋ ਕਨਵੈੱਨਸ਼ਨ ਨੂੰ ਸਫਲ ਬਣਾਇਆ ਜਾ ਸਕੇ | ਉਨ੍ਹਾਂ ਨੇ ਸਾਰੀਆਂ ਇਕਾਈਆਂ ਨੂੰ ਵੱਡੀ ਗਿਣਤੀ 'ਚ 28 ਨੂੰ ਬਰਨਾਲਾ ਪਹੁੰਚਣ ਦੀ ਅਪੀਲ ਕੀਤੀ ਹੈ |