ਮਹਿਲ ਕਲਾਂ, 6 ਮਾਰਚ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਥਾਣਾ ਮੁਖੀ ਵਜੋਂ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਮਿਹਨਤ, ਇਮਾਨਦਾਰੀ ਨਾਲ ਨਿਭਾਉਣਗੇ | ਥਾਣਾ ਮਹਿਲ ਕਲਾਂ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਕੰਟਰੋਲ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਨਸ਼ਿਆਂ ਦੀ ਲਾਹਨਤ ਨੂੰ ਰੋਕਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ | ਥਾਣਾ ਮਹਿਲ ਕਲਾਂ ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਹਰ ਵਿਅਕਤੀ ਨਾਲ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ | ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ | ਇੰਸਪੈਕਟਰ ਧਾਲੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ |