ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੂਬਾ ਪੱਧਰ 'ਤੇ ਜਥਾ ਮਾਰਚ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਥਾ ਮਾਰਚ ਪਾਰਟੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਸੁਰ ਸਿੰਘ ਤੋਂ ਰਵਾਨਾ ਹੋ ਕੇ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ 16 ਮਾਰਚ ਨੂੰ ਸਵੇਰੇ 11 ਵਜੇ ਪਿੰਡ ਹਮੀਦੀ (ਬਰਨਾਲਾ) ਵਿਖੇ ਪਹੁੰਚੇਗਾ | ਇਸ ਸਬੰਧੀ ਸਾਬਕਾ ਵਿਧਾਇਕ ਕਾਮਰੇਡ ਚੰਦ ਸਿੰਘ ਚੋਪੜਾ ਨੇ ਦੱਸਿਆ ਕਿ ਹਮੀਦੀ ਵਿਖੇ ਜਥੇ ਦਾ ਪਾਰਟੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਜਥਾ ਮਾਰਚ ਦਾ ਮੁੱਖ ਮਕਸਦ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਤੋਂ ਜਾਣੂ ਕਰਵਾ ਕੇ ਵੱਡੇ ਪੱਧਰ 'ਤੇ ਇੱਕਜੁੱਟ ਕਰਨਾ ਹੈ | ਕਾਮਰੇਡ ਚੋਪੜਾ ਨੇ ਦੱਸਿਆ ਕਿ ਇਹ ਜਥਾ ਮਾਰਚ ਪੂਰੇ ਪੰਜਾਬ ਵਿਚੋਂ ਲੰਘਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮ ਵਰਗ ਨੂੰ ਆਪਣੀਆਂ ਹੱਕੀ ਮੰਗਾਂ ਲਈ ਲਾਮਬੰਦ ਕਰੇਗਾ | ਜਥਾ ਮਾਰਚ 20 ਮਾਰਚ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚੇਗਾ | ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹੁੰਦਾ ਹੋਇਆ 24 ਮਾਰਚ ਨੂੰ ਦਿੱਲੀ ਵਿਖੇ ਹੋਣ ਵਾਲੇ ਐਕਸ਼ਨ 'ਚ ਸ਼ਾਮਲ ਹੋਵੇਗਾ, ਜਿੱਥੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਇਕੱਠ ਕੀਤਾ ਜਾਵੇਗਾ |