ਤਪਾ ਮੰਡੀ, 12 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਜਾ ਰਿਹਾ ਹੈ | ਇਹ ਹਫ਼ਤਾ 14 ਮਾਰਚ, 2026 ਤੱਕ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਅੱਖਾਂ ਦੇ ਮਾਹਿਰ ਡਾ. ਗੁਰਸਿਮਰਨਜੀਤ ਸਿੰਘ ਨੇ ਕਿਹਾ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇਕ ਅਹਿਮ ਕਾਰਨ ਹੈ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣ ਨਾਲ ਗਲੋਕੋਮਾ ਦੀ ਜਲਦੀ ਪਛਾਣ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਗਲੋਕੋਮਾ ਅੱਖ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿਚ ਵਾਧੇ ਕਾਰਨ ਆਪਟਿਵ ਨਰਵ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਵੇਖਣ ਵਿਚ ਸਮੱਸਿਆ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਗਲੋਕੋਮਾ ਤੋਂ ਪੀੜਤ ਹੋ ਸਕਦਾ ਹੈ ਪਰ 60 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਜਾਂ ਕੋਰਟੀਕੋਸਟੀਰੋਇਡ ਖ਼ਾਸ ਤੌਰ 'ਤੇ ਲੰਮੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁੱਝ ਵਿਅਕਤੀਆਂ ਲਈ ਵਧੇਰੇ ਜੋਖ਼ਮ ਹੁੰਦਾ ਹੈ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਤੇ ਆਪਥਾਲਮਿਕ ਅਫ਼ਸਰ ਰੁਪਿੰਦਰ ਸਿੰਘ ਨੇ ਕਿਹਾ ਕਿ ਅਸਧਾਰਨ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜ੍ਹਨ ਵਾਲੀਆਂ ਐਨਕਾਂ ਦਾ ਵਾਰ-ਵਾਰ ਬਦਲਣਾ, ਪ੍ਰਕਾਸ਼ ਦੇ ਆਲ਼ੇ ਦੁਆਲੇ ਰੰਗਦਾਰ ਚੱਕਰ, ਦਿ੍ਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਗਲੋਕੋਮਾ ਦੇ ਲੱਛਣ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀ ਪੂਰਵਕ ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਸਮੇਂ-ਸਮੇਂ 'ਤੇ ਆਪਣੀਆਂ ਅੱਖਾਂ ਦੀ ਜਾਂਚ ਕਰਾਉਣੀ ਚਾਹੀਦੀ ਹੈ | ਇਸ ਮੌਕੇ ਐਸ.ਆਈ. ਰਣਜੀਵ ਕੁਮਾਰ, ਮ.ਪ.ਹ.ਵ ਗਗਨਦੀਪ ਸਿੰਘ, ਜਸਵੰਤ ਸਿੰਘ, ਨਰਸਿੰਗ ਵਿਦਿਆਰਥੀ ਆਦਿ ਮੌਜੂਦ ਸਨ |