ਟੱਲੇਵਾਲ, 2 ਅਪੈ੍ਰਲ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਬਰਨਾਲਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਲਈ ਪਿੰਡਾਂ ਵਿਚ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਸਬੰਧੀ ਜਥੇਬੰਦੀ ਵਲੋਂ ਲਗਾਤਾਰ ਪਿੰਡ ਪੱਧਰੀ ਮੀਟਿੰਗਾਂ ਕਰ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਜਥੇਬੰਦੀ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ ਅਤੇ ਸਤਨਾਮ ਸਿੰਘ ਮੂੰਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਵਧਵੀਂ ਮੀਟਿੰਗ 4 ਅਪ੍ਰੈਲ ਨੂੰ ਪਿੰਡ ਉਗੋਕੇ ਦੇ ਗੁਰੂ ਘਰ ਵਿਚ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਮਹਿਮਾ ਦੀ ਅਗਵਾਈ ਹੇਠ ਕਰਵਾਈ ਜਾਵੇਗੀ | ਇਸ ਲਈ ਬਲਾਕ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਖ਼ੁਰਦ ਤੋਂ ਇਲਾਵਾ ਅੱਧੀ ਦਰਜਨ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ 6 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਾਣੀਆਂ ਦੀ ਵੰਡ ਦੇ ਗੰਭੀਰ ਸੰਕਟ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਰਿਪੇਰੀਅਨ ਬੇਸਿਸ ਮੁਤਾਬਕ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਿਤਕਰੇਪੂਰਨ ਸਮਝੌਤਿਆਂ ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰਨ ਦਾ ਮਤਾ ਪਾਸ ਕਰਨਾ ਚਾਹੀਦਾ ਹੈ, ਤਾਂ ਜੋ ਹਰ ਖੇਤ ਨੂੰ ਨਹਿਰੀ ਪਾਣੀ ਮਿਲ ਸਕੇ ਅਤੇ ਧਰਤੀ ਹੇਠਲੇ ਪਾਣੀ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ | ਇਸ ਮੌਕੇ ਜਸਵੰਤ ਸਿੰਘ, ਬੂਟਾ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਰਣਧੀਰ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਸੇਰਾ ਸਿੰਘ, ਭਜਨ ਸਿੰਘ, ਸੁੱਖਾ ਸਿੰਘ, ਪੰਮਾ ਸਿੰਘ, ਕਰਮਜੀਤ ਸਿੰਘ, ਸਰਪੰਚ ਕੁਲਦੀਪ ਸਿੰਘ, ਅਮਰਜੀਤ ਸਿੰਘ, ਪਟਵਾਰੀ ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ |