ਮਹਿਲ ਕਲਾਂ, 5 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਾਰਟੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਵਿਸ਼ਾਲ ਅਕਾਲੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ ਹਲਕਾ ਇੰਚਾਰਜ ਮਹਿਲ ਕਲਾਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ: ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਾਨਫ਼ਰੰਸ ਦੀਆਂ ਤਿਆਰੀਆਂ ਪੂਰੇ ਪੰਜਾਬ 'ਚ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਪਾਰਟੀ ਆਗੂਆਂ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਵਿਸਾਖੀ ਕਾਨਫ਼ਰੰਸ 'ਚ ਸ਼ਰਧਾ ਸਤਿਕਾਰ ਨਾਲ ਸ਼ਾਮਲ ਹੋਣਗੀਆਂ | ਭਾਈ ਕੱਟੂ ਨੇ ਦੱਸਿਆ ਕਿ ਕਾਨਫ਼ਰੰਸ ਮੌਕੇ ਭਖਦੇ ਮੁੱਦੇ ਜਿਵੇਂ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮ ਵਰਗ ਦੀਆਂ ਭਖਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਜਾਰੀ ਕੀਤੀ ਜਾਵੇਗੀ ਤਾਂ ਜੋ ਹੁਣੇ ਤੋਂ ਹੀ ਸਰਗਰਮੀਆਂ ਸ਼ੁਰੂ ਕੀਤੀਆਂ ਜਾ ਸਕਣ | ਹਲਕਾ ਇੰਚਾਰਜ ਭਾਈ ਕੱਟੂ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਕਾਨਫ਼ਰੰਸ ਦੌਰਾਨ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ |