ਤਪਾ ਮੰਡੀ, 5 ਅਪ੍ਰੈਲ (ਵਿਜੇ ਸ਼ਰਮਾ)-ਸਾਡਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਕੰਮ ਨੂੰ ਧਰਾਤਲ 'ਤੇ ਲਿਆਉਣਾ ਹੈ | 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਢਿੱਲਵਾਂ ਵਿਖੇ ਇੱਕ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਦੇ ਪੱਧਰ ਵਿਚ ਵੱਡਾ ਸੁਧਾਰ ਆਉਣ ਦੀ ਉਮੀਦ ਹੈ ਅਤੇ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ | ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿਤਾਂ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ | ਉਨ੍ਹਾਂ ਦੱਸਿਆ ਕਿ ਇਸ ਨਵੇਂ ਮੋਘੇ ਨਾਲ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਅਤੇ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ | ਉਨ੍ਹਾਂ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸ੍ਰੋਤ ਮੰਤਰੀ ਬਰਿੰਦਰ ਗੋਇਲ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਹੈਰੀ ਧੂਰਕੋਟ, ਤੇਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ ਬਿੰਦਰ ਸਿੰਘ ਖਾਲਸਾ, ਸਰਪੰਚ ਲਾਡੀ ਢਿਲਵਾਂ, ਸਰਪੰਚ ਸੁਖਦੀਪ ਸਿੰਘ, ਸਰਪੰਚ ਕਰਨੀ ਢਿੱਲਵਾਂ ਇਸ ਤੋਂ ਇਲਾਵਾ ਪਿੰਡ ਢਿੱਲਵਾਂ ਦੀ 'ਆਮ ਆਦਮੀ ਪਾਰਟੀ' ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |