ਮਹਿਲ ਕਲਾਂ, 6 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮਹਿਲ ਕਲਾਂ ਵਲੋਂ ਕਣਕ ਦੀ ਸਰਕਾਰੀ ਖਰੀਦ ਲਈ ਵਿਆਪਕ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ | ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਡੀਨਪਾਲ ਸਿੰਘ ਅਤੇ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧੀਨ ਆਉਂਦੇ ਕੁੱਲ 24 ਖਰੀਦ ਕੇਂਦਰਾਂ ਵਿਚ 1 ਅਪ੍ਰੈਲ ਤੋਂ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਅਤੇ ਬਿਨਾਂ ਰੁਕਾਵਟ ਚਲਾਉਣ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿਚ ਬਿਜਲੀ, ਪਾਣੀ ਅਤੇ ਸਫ਼ਾਈ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਖਰੀਦ ਮੌਸਮ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਖਰੀਦ ਕੇਂਦਰਾਂ ਵਿਚ ਬੈਠਣ ਲਈ ਢੁਕਵੇਂ ਇੰਤਜ਼ਾਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੀਆਂ ਏਜੰਸੀਆਂ ਖਰੀਦ ਲਈ ਤਿਆਰ ਹਨ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਲਈ ਪੂਰਾ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜਿਸ ਨਾਲ ਖਰੀਦ ਪ੍ਰਕਿਰਿਆ ਤੇਜ਼ੀ ਅਤੇ ਪਾਰਦਰਸ਼ੀ ਢੰਗ ਨਾਲ ਚੱਲੇਗੀ | ਇਸ ਮੌਕੇ ਸੁਪਰਵਾਈਜ਼ਰ ਸੁਖਜਿੰਦਰ ਸਿੰਘ ਹੈਪੀ, ਰਜੀਵ ਕੁਮਾਰ ਬਰਨਾਲਾ ਅਤੇ ਰਾਜਵੀਰ ਸਿੰਘ ਧੂਰੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਬੈਠਣ ਜਾਂ ਖ਼ੱਜਲ-ਖ਼ੁਆਰੀ ਤੋਂ ਬਚਾਉਣ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਸੱੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ ਸਰਕਾਰ ਤੇ ਮੰਡੀਕਰਨ ਬੋਰਡ ਦੀਆਂ ਹਦਾਇਤਾਂ ਦੀ ਪਾਲਨਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ | ਇਸ ਮੌਕੇ ਰਜਿੰਦਰ ਪਾਲ ਸਿੰਘ ਛਾਪਾ, ਸੁਖਪਾਲ ਸਿੰਘ ਮਾਂਗੇਵਾਲ ਆਦਿ ਹਾਜ਼ਰ ਸਨ |