ਬਰਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਰੁਪਏ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਨੇ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਇਸ ਯੋਜਨਾ ਤਹਿਤ ਹੁਣ ਤੱਕ 89112 ਵਿਅਕਤੀਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ | ਰਜਿਸਟਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ | ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ਰਜਿਸਟਰੇਸ਼ਨ ਕਰ ਕੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ | ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਅÏਜਲਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ 10 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |