ਬਰਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਹਾੜ੍ਹੀ ਸੀਜ਼ਨ ਦੇ ਮੱਦੇਨਜ਼ਰ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਾ ਪ੍ਰਬੰਧ ਕਰਦਿਆਂ ਕਲੱਸਟਰ ਅਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅਧੀਨ ਲੈਂਦੇ 13 ਕਾਨੂੰਗੋਈ ਹਲਕਿਆਂ ਵਿਚ 254 ਕਲੱਸਟਰ ਅਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਪਿੰਡਾਂ ਵਿਚ ਨਜ਼ਰਸਾਨੀ ਕਰਨਗੇ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾਂਦੀ ਹੈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀ ਆਧੁਨਿਕ ਮਸ਼ੀਨਰੀ 'ਤੇ ਸਬਸਿਡੀ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਛੁੱਕ ਕਿਸਾਨ ਅੱਜ 1 ਅਪ੍ਰੈਲ ਤੋਂ 24 ਅਪ੍ਰੈਲ (ਸ਼ਾਮ 5:00 ਵਜੇ) ਤੱਕ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਤੇ ਕਿਸਾਨ ਗਰੁੱਪ ਇਸ ਮਸ਼ੀਨਰੀ ਅਤੇ ਆਧੁਨਿਕ ਤਕਨੀਕਾਂ ਦਾ ਲਾਹਾ ਲੈਂਦੇ ਹੋਏ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਤਾਂ ਜੋ ਅਸੀਂ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਅ ਸਕੀਏ |