ਬਰਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕਣਕ ਦੇ ਮੌਜੂਦਾ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਬੰਧੀ ਡਿਪਟੀ ਕਮਿਸ਼ਨਰ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਫ਼-ਸਫ਼ਾਈ, ਬਿਜਲੀ ਦੀ ਰੌਸ਼ਨੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਹਰ ਹਾਲ ਵਿਚ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਸਬੰਧਿਤ ਉਪ-ਮੰਡਲ ਮੈਜਿਸਟਰੇਟ ਆਪੋ-ਆਪਣੇ ਖੇਤਰਾਂ ਦੀਆਂ ਮੰਡੀਆਂ ਦੀ ਨਿਯਮਤ ਨਿਗਰਾਨੀ ਕਰਨਗੇ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਤੁਲਾਈ, ਚੁਕਾਈ ਅਤੇ ਅਦਾਇਗੀ ਸਮੇਂ ਸਿਰ ਹੋ ਸਕੇ | ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿਚ ਲਿਫ਼ਟਿੰਗ, ਲੇਬਰ, ਬਾਰਦਾਨੇ ਦੀ ਉਪਲਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ | ਉਨ੍ਹਾਂ ਆੜ੍ਹਤੀਆਂ ਤੇ ਮੌਜੂਦ ਹੋਰ ਧਿਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ, ਏ.ਡੀ.ਸੀ. (ਜ) ਵਿਵੇਕ ਕੁਮਾਰ ਮੋਦੀ, ਡੀ.ਐਫ.ਐੱਸ.ਸੀ. ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ, ਆੜ੍ਹਤੀਆ ਐੱਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ, ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮੁਨੀਸ਼ ਗਰਗ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ |