ਭਦੌੜ, 9 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਅਵਤਾਰ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਏ ਗਏ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਤ ਰੌਸ਼ਨੀ ਪਾਈ | ਮੈਨੇਜਿੰਗ ਡਾਇਰੈਕਟਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਸਕੂਲ ਪ੍ਰਬੰਧਕ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹਿੰਦ ਦੀ ਚਾਦਰ ਗੁਰੂ ਤੇਗ਼ ਬਹਾਦਰ ਜੀ ਦੁਆਰਾ ਧਾਰਮਿਕ ਆਜ਼ਾਦੀਆਂ ਤੇ ਮਾਨਵੀ ਹੱਕਾਂ ਦੀ ਰਾਖੀ ਲਈ ਕੀਤੀ ਬੇਮਿਸਾਲ ਕੁਰਬਾਨੀ ਨੂੰ ਵਿਸ਼ਵ ਇਤਿਹਾਸ ਦੀ ਵਿਲੱਖਣ ਘਟਨਾ ਦੱਸਿਆ ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਪੈਗ਼ਾਮ ਦਿੰਦੀਆਂ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਕਿਹਾ ਕਿ ਸਾਰੇ ਵਿਸ਼ਵ ਦੀਆਂ ਸਮੱਸਿਆਵਾਂ ਦੇ ਹੱਲ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਨਾਲ ਹੀ ਸੰਭਵ ਹਨ | ਇਸ ਸਮੇਂ ਸਮੁੱਚੇ ਵਿਸ਼ਵ ਅਤੇ ਸਮੁੱਚੀ ਲੋਕਾਈ ਦੇ ਭਲੇ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ ਗਈ |