ਮਹਿਲ ਕਲਾਂ, 11 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੜ ਸੱਤਾ ਵਿਚ ਆਉਣਾ ਤੈਅ ਹੈ | ਇਹ ਦਾਅਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਕੁਤਬਾ ਵਿਖੇ ਸਾਬਕਾ ਸਰਪੰਚ ਨਿਰੰਜਣ ਸਿੰਘ ਰਾਏ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਅਜਿਹੇ ਇਤਿਹਾਸਕ ਫ਼ੈਸਲੇ ਲਏ ਹਨ ਜਿਨ੍ਹਾਂ ਨੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ, ਜਿਸ ਤਹਿਤ ਘਰੇਲੂ ਬਿਜਲੀ ਦੇ ਬਿੱਲ ਜ਼ੀਰੋ ਕਰ ਕੇ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਦਿੱਤੀ ਗਈ ਹੈ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਇਨਕਲਾਬੀ ਕਦਮ ਚੁੱਕਦਿਆਂ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਮੁਫ਼ਤ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਘਰਾਂ ਦੇ ਨੇੜੇ ਮਿਲ ਸਕੇ | ਸੁਖਵੀਰ ਸਿੰਘ ਸੁੱਖੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਦੇ ਕੇ ਪਾਰਦਰਸ਼ੀ ਪ੍ਰਸ਼ਾਸਨ ਦੀ ਮਿਸਾਲ ਪੇਸ਼ ਕੀਤੀ ਗਈ ਹੈ ਅਤੇ ਖੇਤੀਬਾੜੀ ਦੇ ਖੇਤਰ ਵਿਚ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਸਮੇਤ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਾਰੀ ਕਰ ਕੇ ਅੰਨਦਾਤੇ ਦੀ ਬਾਂਹ ਫੜੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਨੇ ਪਾਰਟੀ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਕੀਤੇ ਗਏ ਇਨ੍ਹਾਂ ਲੋਕ-ਪੱਖੀ ਕਾਰਜਾਂ ਜਿਵੇਂ ਕਿ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਲਈ ਬਣਾਏ ਗਏ 'ਸਕੂਲ ਆਫ਼ ਐਮੀਨੈਂਸ' ਅਤੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਗਈ ਸਖ਼ਤ ਮੁਹਿੰਮ ਬਾਰੇ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਨੂੰ ਠੱਲ੍ਹ ਪਾਈ ਜਾ ਸਕੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ, ਉੱਥੇ ਹੀ ਸੜਕੀ ਨੈੱਟਵਰਕ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਹਕੀਕਤ ਵਿਚ ਬਦਲ ਰਿਹਾ ਹੈ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵੀ ਇਸ ਦੌਰਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਤਿਆਗ ਕੇ ਵਿਕਾਸ ਦੀ ਰਾਜਨੀਤੀ ਨਾਲ ਜੁੜ ਚੁੱਕੇ ਹਨ | ਇਸ ਮੌਕੇ ਮਾਸਟਰ ਹਰਮਨਜੀਤ ਸਿੰਘ, ਬਲਰਾਮ ਸਿੰਘ ਰਾਏ, ਹਰਸਿਮਰਨਜੀਤ ਸਿੰਘ, ਅਰੁਣ ਕੁਮਾਰ ਬਾਂਸਲ, ਹਰਜੀਤ ਸਿੰਘ ਕੈਰੇ, ਮਨਜੀਤ ਸਿੰਘ ਸਹਿਜੜਾ, ਰਿੰਕਾ ਕੁਤਬਾ ਬਾਹਮਣੀਆਂ ਅਤੇ ਦਵਿੰਦਰ ਸਿੰਘ ਧਨੋਆ ਆਦਿ ਹਾਜ਼ਰ ਸਨ |