ਟੱਲੇਵਾਲ, 11 ਅਪ੍ਰੈਲ (ਸੋਨੀ ਚੀਮਾ)-ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ 'ਤੇ ਝੂਠੇ ਇਲਜ਼ਾਮ ਲਗਾ ਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਡਾ: ਦਰਸ਼ਨ ਪਾਲ, ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਕੌਰਜੀਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨੌਜਵਾਨ ਆਗੂ ਹਰਜੀਤ ਸਿੰਘ ਖ਼ਿਆਲੀ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਲੋਂ ਨੋਟਿਸ ਭੇਜ ਕੇ ਡੀ.ਡੀ.ਪੀ.ਓ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ | ਦਫ਼ਤਰ ਪਹੁੰਚਣ 'ਤੇ ਹਰਜੀਤ ਸਿੰਘ ਖ਼ਿਆਲੀ ਨੂੰ ਮਹਿਕਮੇ ਦੇ ਅਧਿਕਾਰੀਆਂ ਵਲੋਂ ਦੱਸਿਆ ਜਾਂਦਾ ਕਿ ਉਸ ਉੱਪਰ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਅਤੇ ਬੀ.ਡੀ.ਪੀ.ਓ ਬਲਾਕ ਮਹਿਲ ਕਲਾਂ ਵਲੋਂ ਪਿੰਡ ਦੇ ਕੰਮਾਂ 'ਚ ਰੁਕਾਵਟ ਪਾਉਣ ਲਈ ਸ਼ਿਕਾਇਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਸਿਆਸਤ ਤੋਂ ਪ੍ਰੇਰਿਤ ਹਨ ਅਤੇ ਝੂਠੇ ਹਨ | ਹਰਜੀਤ ਸਿੰਘ ਖ਼ਿਆਲੀ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਹਸਪਤਾਲ ਮਹਿਲ ਕਲਾਂ 'ਚ ਡਾਕਟਰਾਂ ਦੀ ਘਾਟ ਨੂੰ ਲੈ ਕ ਲੜਾਈ ਲੜ ਰਿਹਾ ਹੈ ਅਤੇ ਹੋਰ ਜਿੱਥੇ ਕਿਤੇ ਵੀ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ ਉਸ ਦੀ ਆਵਾਜ਼ ਬੁਲੰਦ ਕਰਦਾ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਂਦਾ ਹੈ | ਇਸ ਕਰ ਕੇ ਇਹ ਨੌਜਵਾਨ ਆਗੂ ਇਸ ਸਰਮਾਏਦਾਰੀ ਪੱਖੀ ਸਰਕਾਰ ਦੀ ਅੱਖ ਵਿਚ ਰੜਕ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਆਗੂ ਖ਼ਿਆਲੀ 'ਤੇ ਜੋ ਝੂਠੇ ਇਲਜ਼ਾਮ ਲਗਾਏ ਗਏ ਹਨ, ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਗ਼ਲਤ ਇਲਜ਼ਾਮ ਲਗਾਉਣ ਵਾਲਿਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਸਲਾ ਹੱਲ ਨਾ ਕੀਤਾ ਤਾਂ ਜਨਤਕ ਜਥੇਬੰਦੀਆਂ ਨੂੰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ |