ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਅੱਠਵੀਂ ਜਮਾਤ ਦੀ ਪੰਜਾਬ ਦੀ ਮੈਰਿਟ ਸੂਚੀ ਵਿਚ 15ਵਾਂ ਸਥਾਨ ਅਤੇ ਜ਼ਿਲ੍ਹਾ ਬਰਨਾਲਾ ਵਿਚੋਂ 585 ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਰੂਬੀ ਪੁੱਤਰੀ ਸਵ: ਪਿ੍ਤਪਾਲ ਸਿੰਘ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਗਿੱਲ ਦੀ ਅਗਵਾਈ ਵਿਚ 18100 ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਵਿਦਿਆਰਥਣ ਨੂੰ ਆਪਣੀ ਨਿੱਜੀ ਕਮਾਈ ਵਿਚੋਂ 5000 ਰੁਪਏ ਦਾ ਚੈੱਕ ਭੇਟ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਕੀਤੇ ਗਏ ਸਿੱਖਿਆ ਸੁਧਾਰਾਂ ਅਤੇ ਸੰਸਥਾ ਦੇ ਪਿ੍ੰਸੀਪਲ ਮੇਜਰ ਸਿੰਘ ਵਲੋਂ ਹੁਸ਼ਿਆਰ ਵਿਦਿਆਰਥੀਆਂ ਲਈ ਕੀਤੇ ਵਿਸ਼ੇਸ਼ ਉਪਰਾਲਿਆਂ ਤੇ ਪ੍ਰਬੰਧਾਂ, ਡਾ: ਨਿਰਮਲ ਸਿੰਘ ਸਕੂਲ ਇੰਚਾਰਜ, ਅਧਿਆਪਕਾ ਸਰਬਜੀਤ ਕੌਰ ਜਮਾਤ ਇੰਚਾਰਜ ਤੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਵਾਉਣ ਅਤੇ ਚੰਗਾ ਵਿੱਦਿਅਕ ਮਾਹੌਲ ਦੇਣ ਕਰ ਕੇ ਵਿਦਿਆਰਥਣ ਨੇ ਸੰਸਥਾ ਤੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ | ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬਹੁਤ ਵਧੀਆ ਸਿੱਖਿਆ ਪ੍ਰਬੰਧ ਕੀਤੇ ਗਏ ਹਨ | ਜਿੱਥੇ ਕਿ ਵਿਸ਼ਾ ਮਾਹਿਰ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ | ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਵਧੀਆਂ ਸਿੱਖਿਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਭਰ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਭਵਿੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਹੁਤ ਵਧੀਆ ਨਤੀਜੇ ਆਉਣਗੇ | ਸੰਸਥਾ ਦੇ ਸਮੂਹ ਅਧਿਆਪਕਾਂ ਵਲੋਂ ਗਿਆਰਾਂ ਹਜ਼ਾਰ ਰੁਪਏ ਰਾਸ਼ੀ, ਸਕੂਲ ਦੀ ਪ੍ਰਬੰਧਕ ਕਮੇਟੀ ਵਿਚ ਸਿੱਖਿਆ ਮਾਹਿਰ ਵਜੋਂ ਕੰਮ ਕਰਦੇ ਸੇਵਾ ਮੁਕਤ ਡਾ: ਚਮਕੌਰ ਸਿੰਘ ਵਲੋਂ 2100 ਰੁਪਏ ਨਗਦ ਰਾਸ਼ੀ ਨਾਲ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ | ਅੱਠਵੀਂ ਜਮਾਤ ਦੇ ਦੋ ਸੈਕਸ਼ਨਾਂ ਸੰਸਥਾ ਵਿਚੋਂ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੇਜਰ ਸਿੰਘ, ਸਕੂਲ ਮੁਖੀ ਡਾ: ਨਿਰਮਲ ਸਿੰਘ ਪੱਖੋ ਕਲਾਂ, ਜਮਾਤ ਇੰਚਾਰਜ ਅਧਿਆਪਕਾ ਸਰਬਜੀਤ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਪੰਮੀ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |