ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਸੁਖਦਰਸ਼ਨ ਪ੍ਰਕਾਸ਼ ਖੇੜੀ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮਹਾਨ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ 108 ਪ੍ਰਾਣੀਆਂ ਨੇ ਅੰਮਿ੍ਤਪਾਨ ਕਰ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਅਹਿਦ ਲਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪੰਜ ਪਿਆਰੇ ਸਾਹਿਬਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਵਿਸਾਖੀ ਨੂੰ ਸਮਰਪਿਤ ਮਹਾਨ ਅੰਮਿ੍ਤ ਸੰਚਾਰ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਇਆ ਕਰੇਗਾ | ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਤੇ ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ |