ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਥਾਨਕ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਰੋਸ ਵਜੋਂ ਅੱਜ 'ਭਾਈ ਲਾਲੋ ਪੰਜਾਬੀ ਮੰਚ' ਦੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਮਾੜੇ ਪ੍ਰਬੰਧਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੀਤ ਸਿੰਘ ਖਿਆਲੀ ਨੇ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਇਕ ਪਾਸੇ ਸਰਕਾਰ 24 ਘੰਟਿਆਂ ਵਿਚ ਫ਼ਸਲ ਖ਼ਰੀਦਣ ਅਤੇ ਅਦਾਇਗੀ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਤੇ ਮਜ਼ਦੂਰ ਪਿਛਲੇ 5 ਦਿਨਾਂ ਤੋਂ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ | ਉਨ੍ਹਾਂ ਅੱਗੇ ਕਿਹਾ ਕਿ ਖ਼ਰਾਬ ਮੌਸਮ ਕਾਰਨ ਪਹਿਲਾਂ ਹੀ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਝਾੜ ਵੀ ਘੱਟ ਨਿਕਲ ਰਿਹਾ ਹੈ, ਪਰ ਹੁਣ ਅੰਨਦਾਤਾ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਹੋ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਸਮੇਂ ਨੰਬਰਦਾਰ ਜਸਵੰਤ ਸਿੰਘ ਕਲਾਲ ਮਾਜਰਾ, ਬੇਅੰਤ ਸਿੰਘ, ਕਾਲਾ ਸਿੰਘ, ਚੀਨਾ, ਤਾਰਾ ਸਿੰਘ, ਗੁਰਦੀਪ ਸਿੰਘ ਅਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ |