ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਕਣਕ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਹਰਦੀਪ ਸਿੰਘ ਗਿੱਲ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਅਤੇ ਆੜ੍ਹਤੀਆਂ ਨਾਲ ਇਕ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਗਈ | ਦੱਸ ਦੇਈਏ ਕਿ ਇਹ ਮੀਟਿੰਗ ਮੌਜੂਦਾ ਸਮੇਂ ਦੌਰਾਨ ਮੰਡੀਆਂ ਵਿਚ ਆ ਰਹੀ ਕਣਕ 'ਚ ਵੱਧ ਸਿੱਲ ਹੋਣ ਕਾਰਨ ਖ਼ਰੀਦ ਏਜੰਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੀਤੀ ਗਈ | ਮੀਟਿੰਗ ਦੌਰਾਨ ਇੰਸਪੈਕਟਰਾਂ ਨੇ ਦੱਸਿਆ ਕਿ ਮੰਡੀਆਂ ਵਿਚ ਆ ਰਹੀ ਕਣਕ ਵਿਚ ਜ਼ਿਆਦਾ ਨਮੀ ਹੋਣ ਕਾਰਨ ਸਰਕਾਰੀ ਮਾਪਦੰਡਾਂ ਅਨੁਸਾਰ ਖ਼ਰੀਦ ਕਰਨਾ ਅÏਖਾ ਹੋ ਰਿਹਾ ਹੈ | ਇਸ ਸਬੰਧੀ ਸੈਕਟਰੀ ਹਰਦੀਪ ਸਿੰਘ ਗਿੱਲ ਨੇ ਆੜ੍ਹਤੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਨਾਲ ਸਬੰਧਿਤ ਕਿਸਾਨਾਂ ਨੂੰ ਕੇਵਲ ਸੁੱਕੀ ਤੇ ਸਾਫ਼ ਸੁਥਰੀ ਕਣਕ ਹੀ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਗਿੱਲੀ ਕਣਕ ਮੰਡੀਆਂ ਵਿਚ ਆਉਂਦੀ ਰਹੀ ਤਾਂ ਖ਼ਰੀਦ ਪ੍ਰਕਿਰਿਆ ਵਿਚ ਰੁਕਾਵਟ ਪੈ ਸਕਦੀ ਹੈ ਅਤੇ ਮੰਡੀਆਂ ਵਿਚ ਭੰਡਾਰ ਇਕੱਠੇ ਹੋਣ ਕਾਰਨ ਆਉਣ ਵਾਲੇ ਦਿਨਾਂ ਵਿਚ ਵੱਡੀ ਸਮੱਸਿਆ ਖੜੀ ਹੋ ਸਕਦੀ ਹੈ | ਉਨ੍ਹਾਂ ਕਿਸਾਨਾਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕਣਕ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇੱਕੋ ਦਿਨ ਵਿਚ ਆਪਣੀ ਫ਼ਸਲ ਵੇਚ ਕੇ ਵਾਪਸ ਜਾਣ ਵਿਚ ਕੋਈ ਦਿੱਕਤ ਨਾ ਆਵੇ | ਸੈਕਟਰੀ ਹਰਦੀਪ ਸਿੰਘ ਗਿੱਲ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਮਾਰਕੀਟ ਕਮੇਟੀ ਵਲੋਂ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਕਮੇਟੀ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਮੌਕੇ 'ਤੇ ਹੀ ਉਸ ਦਾ ਹੱਲ ਕੀਤਾ ਜਾਵੇਗਾ | ਮੀਟਿੰਗ ਵਿਚ ਮੌਜੂਦ ਆੜ੍ਹਤੀਆਂ ਨੇ ਵੀ ਕਿਹਾ ਕਿ ਉਹ ਵੀ ਕਿਸਾਨਾਂ ਨੂੰ ਸੁੱਕੀ ਕਣਕ ਲਿਆਉਣ ਲਈ ਜ਼ਰੂਰ ਪ੍ਰੇਰਿਤ ਕਰਨਗੇ | ਨਾਲ ਹੀ ਉਨ੍ਹਾਂ ਸੁਝਾਅ ਦਿੱਤਾ ਕਿ ਮੰਡੀਆਂ ਵਿਚ ਪਈ ਫ਼ਸਲ ਨੂੰ ਖਿਲਾਰ ਕੇ ਧੁੱਪ ਲਗਾ ਕੇ ਖ਼ਰੀਦ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ ਤੋਂ ਇਲਾਵਾ ਮਾਰਕਫੈੱਡ ਦੇ ਮੈਨੇਜਰ ਹਰਿੰਦਰ ਸਿੰਘ, ਵੇਅਰ ਹਾਊਸ ਦੇ ਮੈਨੇਜਰ ਜਗਦੇਵ ਸਿੰਘ, ਪਨਗ੍ਰੇਨ ਦੇ ਇੰਚਾਰਜ ਲਖਵਿੰਦਰ ਸਿੰਘ ਅਤੇ ਪਨਸਪ ਦੇ ਇੰਸਪੈਕਟਰ ਤਰੁਣ ਵਿਜੈ ਵੀ ਮੌਜੂਦ ਸਨ |