ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਸੁੰਦਰ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਈ ਜਸਕੀਰਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਭਾਈ ਮਲਕੀਤ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਅਤੇ ਭਾਈ ਰਾਜਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਨੇ ਗੁਰਇਤਿਹਾਸ ਅਤੇ ਵਿਸਾਖੀ ਦੇ ਇਤਿਹਾਸਕ ਮਹੱਤਵ ਨੂੰ ਸੰਗਤਾਂ ਨਾਲ ਸਾਂਝਾ ਕੀਤਾ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਰਜੀਤ ਸਿੰਘ ਠੀਕਰੀਵਾਲਾ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਲੋਂ ਸਮਾਗਮ ਵਿਚ ਪਹੁੰਚੇ ਹੋਏ ਵਿਸ਼ੇਸ਼ ਮਹਿਮਾਨਾਂ, ਰਾਗੀ ਸਿੰਘਾਂ, ਢਾਡੀ ਅਤੇ ਕਵੀਸ਼ਰੀ ਜਥਿਆਂ ਦਾ ਸਨਮਾਨ ਕੀਤਾ ਗਿਆ |