ਸੰਦੌੜ, 15 ਅਪ੍ਰੈਲ (ਜਸਵੀਰ ਸਿੰਘ ਜੱਸੀ) - ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਬਣਾਇਆ ਗਿਆ ਸਖਤ ਕਾਨੂੰਨ ਸਮਾਜ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੀ.ਏ ਗੁਰਮੁਖ ਸਿੰਘ ਸਰਪੰਚ ਪਿੰਡ ਖ਼ਾਨਪੁਰ, ਯੂਥ ਆਗੂ ਏ.ਕੇ. ਵਾਈ ਮੂਨਿਸ ਰਹਿਮਾਨ, ਸਰਪੰਚ ਅਮਨਦੀਪ ਸਿੰਘ ਸੰਧੂ, ਕਿਸਾਨ ਆਗੂ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਅਤੇ ਸੀਨੀਅਰ ਆਗੂ ਯਾਸਰ ਅਰਫਾਤ ਵੱਲੋਂ ਸਾਂਝੇ ਤੌਰ ਤੇ ਕੀਤਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਦਿੱਤੀਆਂ ਗਈਆਂ ਮਿਸਾਲੀ ਸਜ਼ਾਵਾਂ ਕਾਰਨ ਹੁਣ ਕੋਈ ਵੀ ਵਿਅਕਤੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ | ਉਨ੍ਹਾਂ ਕਿਹਾ ਇਹ ਕਾਨੂੰਨ ਨਾ ਸਿਰਫ਼ ਦੋਸ਼ੀਆਂ ਲਈ ਸਖ਼ਤ ਸੁਨੇਹਾ ਹੈ, ਸਗੋਂ ਸਮਾਜ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਵੀ ਬਹੁਤ ਲਾਭਕਾਰੀ ਸਾਬਤ ਹੋਵੇਗਾ | ਉਨ੍ਹਾਂ ਨੇ ਦੱਸਿਆ ਕਿ ਹਲਕਾ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਇਸ ਕਾਨੂੰਨ ਨੂੰ ਤਿਆਰ ਕਰਨ ਲਈ ਹੋਈਆਂ ਵਿਸ਼ੇਸ਼ ਮੀਟਿੰਗਾਂ ਵਿਚ ਲਗਾਤਾਰ ਸ਼ਾਮਿਲ ਰਹੇ ਅਤੇ ਉਨ੍ਹਾਂ ਦੀ ਦੇਖਰੇਖ ਹੇਠ ਹੀ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ | ਇਸ ਦੌਰਾਨ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਅਹਿਮ ਯੋਗਦਾਨ ਪਾਇਆ, ਜਿਨ੍ਹਾਂ ਵਿੱਚ ਕਾਨੂੰਨੀ ਮਾਹਿਰ, ਸਮਾਜਿਕ ਆਗੂ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਫ਼ੈਸਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਧਾਰਮਿਕ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰੇਗਾ | ਕਾਨੂੰਨ ਅਨੁਸਾਰ ਬੇਅਦਬੀ ਦੇ ਦੋਸ਼ੀਆਂ ਲਈ ਸਖਤ ਤੋਂ ਸਖਤ ਸਜਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਉਮਰ ਕੈਦ ਤੱਕ ਦੀ ਸਜ਼ਾ, ਭਾਰੀ ਜੁਰਮਾਨਾ ਅਤੇ ਕੁਝ ਮਾਮਲਿਆਂ ਵਿੱਚ ਘੱਟੋ-ਘੱਟ 3 ਤੋਂ 5 ਸਾਲ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ | ਇਸ ਤੋਂ ਇਲਾਵਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਕੜੀਆਂ ਧਾਰਾਵਾਂ ਲਾਗੂ ਕੀਤੀਆਂ ਜਾਣਗੀਆਂ | ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਰੇ ਧਰਮਾਂ ਦੀ ਇੱਜ਼ਤ ਕਰੇ ਅਤੇ ਸਮਾਜ ਵਿੱਚ ਅਮਨ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਏ | ਇਸ ਕਾਨੂੰਨ ਨਾਲ ਨਿਸ਼ਚਿਤ ਤੌਰ 'ਤੇ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ ਅਤੇ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ |