ਮਹਿਲ ਕਲਾਂ, 21 ਅਪ੍ਰੈਲ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਅਡਵਾਇਜ਼ਰੀ (ਸਲਾਹਕਾਰੀ) ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਗੁਰਤੇਜਿੰਦਰ ਕੌਰ ਨੇ ਕਿਹਾ ਕਿ ਤਾਪਮਾਨ 'ਚ ਰੋਜ਼ਾਨਾ ਹੋ ਰਹੇ ਵਾਧੇ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਨੂੰ ਗਰਮੀ ਤੇ ਲੂੰ ਭਾਵ ਹੀਟਵੇਵ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ 40 ਡਿਗਰੀ ਤੋਂ ਵੱਧ ਤਾਪਮਾਨ ਹੋ ਜਾਣ ਕਾਰਨ ਲੂ ਦੀ ਸਥਿਤੀ ਬਣ ਜਾਂਦੀ ਹੈ | ਜੋ ਕਿ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦੀ ਹੈ, ਤੇ ਗਰਮੀ ਨਾਲ ਸਬੰਧਿਤ ਬਿਮਾਰੀਆਂ ਦਾ ਕਾਰਨ ਬਣਦੀ ਹੈ | ਉਨ੍ਹਾਂ ਕਿਹਾ ਕਿ ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਅÏਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਵਿਅਕਤੀ, ਮਜ਼ਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਕਿ ਸਰੀਰਕ ਤੌਰ 'ਤੇ ਬਿਮਾਰ ਹਨ, ਖ਼ਾਸ ਕਰ ਦਿਲ ਦੀ ਬਿਮਾਰੀ ਜਾਂ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਲੂੰ ਲੱਗਣ ਦਾ ਵਧੇਰੇ ਜੋਖ਼ਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਲੂੰ ਦੌਰਾਨ ਸਾਨੂੰ ਆਪਣੇ ਖਾਣ ਪੀਣ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਹੈ | ਹਰੀਆਂ ਸਬਜ਼ੀਆਂ ਅਤੇ ਮੌਸਮੀ ਫਲ ਜਿਵੇਂ ਖ਼ਰਬੂਜ਼ਾ, ਤਰਬੂਜ਼, ਅੰਗੂਰ, ਲੀਚੀ, ਖੀਰਾ, ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਵਧੇਰੇ ਮਾਤਰਾ ਹੁੰਦੀ ਹੈ | ਇਸ ਮੌਕੇ ਬਲਾਕ ਐਜੂਕੇਟਰ ਸ਼ਿਵਾਨੀ ਅਰੋੜਾ ਤੇ ਹੈਲਥ ਸੁਪਰਵਾਈਜ਼ਰ ਜਸਵੀਰ ਸਿੰਘ ਨੇ ਲੂੰ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਸਵੇਰੇ ਅਤੇ ਸ਼ਾਮ ਨੂੰ ਹੀ ਕੀਤੇ ਜਾਣ, ਧੁੱਪ 'ਚ ਖ਼ਾਸ ਕਰ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਨਾ ਜਾਇਆ ਜਾਵੇ, ਜੇਕਰ ਜਾਣਾ ਜ਼ਿਆਦਾ ਜ਼ਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜ਼ਰੂਰ ਜਾਓ ਤੇ ਥੋੜ੍ਹੇ- ਥੋੜ੍ਹੇ ਵਕਫ਼ੇ ਬਾਅਦ ਪਾਣੀ ਜ਼ਰੂਰ ਪੀਓ | ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਕਾਲੀਆਂ ਐਨਕਾਂ ਅਤੇ ਤੌਲੀਏ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਤੇ ਢਿੱਲੇ ਕੱਪੜੇ ਪਾਏ ਜਾਣ | ਸ਼ਰਾਬ, ਚਾਹ, ਕੌਫ਼ੀ, ਤਲੀਆਂ ਹੋਈਆਂ ਚੀਜ਼ਾਂ ਆਦਿ ਤੋਂ ਗੁਰੇਜ਼ ਕੀਤਾ ਜਾਵੇ |