ਬਰਨਾਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕੌਮੀ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਵਰਗੇ ਅਤਿ ਸੰਵੇਦਨਸ਼ੀਲ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ ਦਾ ਮਹਿਜ਼ ਡਰਾਮਾ ਕਰ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ, ਸਗੋਂ ਸਰਕਾਰ ਦੀ ਨਾਕਾਮੀ ਕਾਰਨ ਬੇਅਦਬੀ ਨਾਲ ਸਬੰਧਿਤ ਮੁੱਖ ਕੇਸ ਪੰਜਾਬ ਤੋਂ ਬਾਹਰ ਚਲੇ ਗਏ ਹਨ, ਜਿਸ ਨਾਲ ਇਨਸਾਫ਼ ਦੀ ਉਮੀਦ ਨੂੰ ਵੱਡੀ ਸੱਟ ਵੱਜੀ ਹੈ | ਭਾਈ ਅੰਮਿ੍ਤਪਾਲ ਸਿੰਘ ਬਾਰੇ ਗੱਲ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਐਨ.ਐਸ.ਏ. ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰੱਖਣਾ ਅਤੇ ਹੋਰ ਕੇਸਾਂ ਵਿਚ ਉਲਝਾਉਣਾ ਸਿੱਧੇ ਤੌਰ 'ਤੇ ਸਰਕਾਰ ਦੀ ਧੱਕੇਸ਼ਾਹੀ ਅਤੇ ਬੁਜ਼ਦਿਲੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਦੀ ਵਧਦੀ ਲੋਕਪਿ੍ਯਤਾ ਤੋਂ 'ਆਪ' ਸਰਕਾਰ ਅਤੇ ਰਾਜਨੀਤਕ ਲੋਕ ਡਰੇ ਹੋਏ ਹਨ ਕਿਉਂਕਿ ਪੰਜਾਬ ਦੇ ਲੋਕ ਭਾਈ ਅੰਮਿ੍ਤਪਾਲ ਸਿੰਘ ਦੇ ਵਿਚਾਰਾਂ ਅਤੇ ਦਿ੍ੜ੍ਹਤਾ ਨੂੰ ਪਸੰਦ ਕਰ ਰਹੇ ਹਨ ਤੇ ਸੂਬੇ ਦੇ ਨੌਜਵਾਨ ਉਨ੍ਹਾਂ ਨੂੰ 2027 ਵਿਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ | ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹੋਏ ਗੱਠਜੋੜ ਤੋਂ ਬਾਅਦ ਹੋਰਨਾਂ ਰਾਜਨੀਤਕ ਦਲਾਂ ਨਾਲ ਗੱਠਜੋੜ ਕਰਨ ਬਾਰੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰਨਾਂ ਹਮਿਖ਼ਆਲ ਰਾਜਨੀਤਕ ਪਾਰਟੀਆਂ ਨਾਲ ਗੱਠਜੋੜ ਕਰਨ ਬਾਰੇ ਫ਼ੈਸਲਾ ਦੋਵਾਂ ਧਿਰਾਂ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵਲੋਂ ਲਿਆ ਜਾਵੇਗਾ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਤੇ ਹੋਰ ਆਗੂ ਵੀ ਮੌਜੂਦ ਸਨ |