ਭਵਾਨੀਗੜ੍ਹ , 21 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਖ਼ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਾਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਰੀਬ 3 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ ਕਰੀਬ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਪ੍ਰਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 24 ਕਿੱਲੋਮੀਟਰ ਲੰਬੀ ਪਾਈਪਲਾਈਨ ਪਾਈ ਜਾਵੇਗੀ, ਜਿਸ ਵਿੱਚੋਂ ਪਿੰਡ ਬਾਸੀਅਰਖ਼ ਲਈ 15 ਕਿੱਲੋਮੀਟਰ ਅਤੇ ਝਨੇੜੀ ਲਈ 9 ਕਿੱਲੋਮੀਟਰ ਲਾਈਨ ਵਿਛਾਈ ਜਾਵੇਗੀ | ਇਸ ਨਾਲ ਖੇਤੀਬਾੜੀ ਦੀ ਲਾਗਤ ਘਟੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ | ਵਿਧਾਇਕਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਈ ਜਾ ਸਕੇ | ਇਸ ਮੌਕੇ ਜਗਸੀਰ ਸਿੰਘ ਝਨੇੜੀ, ਗੁਰਚਰਨ ਸਿੰਘ ਚਹਿਲ, ਸੰਦੀਪ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ |