ਬਰਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਵਲੋਂ ਰੇਂਜ ਦੇ ਜ਼ਿਲਿ੍ਹਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਵਿਸ਼ੇਸ਼ ਕਰਾਈਮ ਮੀਟਿੰਗ ਕੀਤੀ ਗਈ | ਜਿਨ੍ਹਾਂ ਵਲੋਂ ਮੀਟਿੰਗ ਵਿਚ ਇਲਾਕੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਗੀਨ ਅਪਰਾਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਪੁਰਾਣੇ ਤੇ ਵਾਰ-ਵਾਰ ਅਪਰਾਧ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਰਣਨੀਤੀ ਤਿਆਰ ਕਰਨ 'ਤੇ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਤਫ਼ਤੀਸ਼ੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਮਾੜੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਹੋਰ ਵੀ ਪੁਖ਼ਤਾ ਬਣਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ |