ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਮਲੇਰੀਆ ਦਿਵਸ ਮੌਕੇ ਸਬ-ਡਵੀਜ਼ਨਲ ਹਸਪਤਾਲ ਤਪਾ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਤੋਂ ਇਲਾਵਾ ਸਿਹਤ ਵਿਭਾਗ ਤਪਾ ਵਲੋਂ ਬਲਾਕ ਅਧੀਨ ਵੱਖ-ਵੱਖ ਸਕੂਲਾਂ ਵਿਖੇ ਜਾਗਰੂਕਤਾ ਸਮਾਗਮ ਤੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਆਓ ਅਸੀਂ ਸਭ ਰਲ ਮਿਲ ਕੇ ਸਾਡੇ ਕੋਲ ਮੌਜੂਦ ਸਾਰੇ ਸਰੋਤਾਂ ਦੀ ਵਰਤੋਂ ਕਰੀਏ ਤਾਂ ਜੋ ਮਲੇਰੀਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਜਾਗਰੂਕਤਾ ਹੀ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖ਼ਾਰ ਮਾਦਾ ਅਨਾਫੀਲਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਠੰਢ ਤੇ ਕਾਂਬੇ ਨਾਲ ਤੇਜ਼ ਬੁਖ਼ਾਰ, ਸਿਰ ਦਰਦ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਲੱਛਣ ਹਨ | ਉਨ੍ਹਾਂ ਕਿਹਾ ਅਜਿਹੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਜਾਂਚ ਕਰਾਉਣੀ ਚਾਹੀਦੀ ਹੈ | ਮਲੇਰੀਆ ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਬਧ ਹੈ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਮਲੇਰੀਆ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ 2026 ਦਾ ਥੀਮ ਮਲੇਰੀਆ ਨੂੰ ਖ਼ਤਮ ਕਰਨ ਲਈ ਮੁਹਿੰਮ ਹੁਣ ਅਸੀਂ ਕਰ ਸਕਦੇ ਹਾਂ ਤੇ ਹੁਣ ਸਾਨੂੰ ਇਸ ਨੂੰ ਖ਼ਤਮ ਕਰਨਾ ਚਾਹੀਦਾ ਹੈ | ਵਿਸ਼ਵ ਸਿਹਤ ਸੰਗਠਨ ਦੁਆਰਾ ਘੋਸ਼ਿਤ ਇਹ ਥੀਮ, ਮਲੇਰੀਆ ਨੂੰ ਖ਼ਤਮ ਕਰਨ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ 'ਤੇ ਕੇਂਦਿ੍ਤ ਕਰਦਾ ਹੈ ਤੇ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਇਸ ਦਾ ਖ਼ਾਤਮਾ ਵਿਗਿਆਨਕ ਤੌਰ 'ਤੇ ਸੰਭਵ ਹੈ ਅਤੇ ਇੱਕ ਜ਼ਰੂਰੀ ਲੋੜ ਹੈ | ਐੱਸ.ਆਈ ਰਣਜੀਵ ਕੁਮਾਰ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਘਰਾਂ ਵਿਚ ਕੂਲਰਾਂ, ਗਮਲਿਆਂ ਆਦਿ ਅਤੇ ਆਲ਼ੇ ਦੁਆਲੇ ਗਲੀਆਂ, ਨਾਲੀਆਂ ਆਦਿ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਨਾਲੀਆਂ ਤੇ ਛੱਪੜਾਂ ਵਿਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ | ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਡਾ: ਗੁਰਸਿਮਰਨਜੀਤ ਸਿੰਘ, ਡਾ: ਬਾਂਕੇ ਬਿਹਾਰੀ ਐੱਸ.ਆਈ. ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਗਿਆਨ ਸਿੰਘ, ਜਸਪਾਲ ਸਿੰਘ, ਐਮ.ਪੀ.ਐਚ.ਡਬਲਿਊ ਗਗਨਦੀਪ ਸਿੰਘ, ਜਸਵੰਤ ਸਿੰਘ, ਬੂਟਾ ਸਿੰਘ, ਸੰਜੇ ਮਲਹੋਤਰਾ, ਮੰਗਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਅਕਾਸ਼ ਸਿੰਘ ਸਮੇਤ ਨਰਸਿੰਗ ਵਿਦਿਆਰਥੀ ਹਾਜ਼ਰ ਸਨ |