ਤਪਾ ਮੰਡੀ, 27 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ 'ਆਸ਼ਾ ਦਿਵਸ' ਮਨਾਇਆ ਗਿਆ | ਇਸ ਦੌਰਾਨ ਜਿਸ ਸਿਹਤ ਖੇਤਰ ਵਿਚ ਸ਼ਲਾਘਾ ਯੋਗ ਸੇਵਾਵਾਂ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਡਾ: ਬਾਜਵਾ ਨੇ ਹਾਜ਼ਰ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਗਰਭਵਤੀ ਅÏਰਤਾਂ ਦੀ ਦੇਖਭਾਲ, ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੇ ਸਰਕਾਰੀ ਸਕੀਮਾਂ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਵਿਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਸੰਸਥਾਗਤ ਜਣੇਪੇ ਦੀ ਦਰ ਵਧਾਉਣ ਅਤੇ ਮਾਤਰੀ-ਮੌਤ ਦਰ ਨੂੰ ਘਟਾਉਣ ਵਿਚ ਆਸ਼ਾ ਵਰਕਰਾਂ ਦਿਨ-ਰਾਤ ਮਿਹਨਤ ਕਰ ਰਹੀਆਂ ਹਨ | ਸਮਾਰੋਹ ਦੌਰਾਨ ਵੱਖ-ਵੱਖ ਸਿਹਤ ਸੂਚਕਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਨੇ ਸਨਮਾਨਿਤ ਵਰਕਰਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਮੀਦ ਜਤਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੀਆਂ ਰਹਿਣਗੀਆਂ | ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਵਿਚ ਸਭ ਤੋਂ ਬਿਹਤਰੀਨ ਕੰਮ ਕਰਨ ਵਾਲੀਆਂ ਆਸ਼ਾ ਸੰਦੀਪ ਕੌਰ (ਭਦੌੜ) ਸੰਦੀਪ ਕੌਰ (ਤਪਾ), ਗੁਰਦੀਪ ਕੌਰ, ਸੁਖਦੇਵ ਕੌਰ, ਸ਼ਰਨਜੀਤ ਕੌਰ ਅਤੇ ਕਿਰਨਜੀਤ ਕੌਰ ਆਸ਼ਾ ਫੈਸੀਲੀਟੇਟਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ | ਇਸ ਮੌਕੇ ਐਸ.ਆਈ ਰਣਜੀਵ ਸਿੰਘ, ਮ.ਪ.ਹ.ਵ ਗਗਨਦੀਪ ਸਿੰਘ ਵੀ ਹਾਜਰ ਸਨ |