ਟੱਲੇਵਾਲ, 27 ਅਪ੍ਰੈਲ (ਸੋਨੀ ਚੀਮਾ)-ਪੰਜਾਬ ਵਿਚ ਬੇਅਦਬੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਵੱਖ-ਵੱਖ ਵਰਗਾਂ ਵਲੋਂ ਇਸ ਦਾ ਸਵਾਗਤ ਕੀਤਾ ਗਿਆ ਹੈ ਅਤੇ ਇਸ ਨੂੰ ਇਕ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ | ਇਸੇ ਕੜੀ ਦੇ ਚੱਲਦਿਆਂ ਪਿੰਡ ਕੈਰੇ ਵਿਖੇ ਬੇਅਦਬੀ ਕਾਨੂੰਨ ਬਣਾਏ ਜਾਣ ਉਪਰੰਤ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿੱਥੇ ਖ਼ੁਸ਼ੀ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਸਰਪੰਚ ਸੁਖਵਿੰਦਰ ਸਿੰਘ ਕੈਰੇ ਤੋਂ ਇਲਾਵਾ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਇਸ ਕਾਨੂੰਨ ਦੇ ਲਿਆਉਣ 'ਤੇ ਖ਼ੁਸ਼ੀ ਜ਼ਾਹਰ ਕੀਤੀ ਅਤੇ ਉਮੀਦ ਪ੍ਰਗਟਾਈ ਹੈ ਕਿ ਇਸ ਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ | ਉਨ੍ਹਾਂ ਕਿਹਾ ਕਿ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜੋ ਕਾਨੂੰਨ ਬਣਾਏ ਗਏ ਹਨ, ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਬਹੁਤ ਹੀ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਤ ਗੁਰੂ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਰਨਾ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ | ਜਿਸ ਨੂੰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਬੇਅਦਬੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਤੇ ਸਮਾਜ ਵਿਚ ਗ਼ੁੱਸੇ ਅਤੇ ਨਿਰਾਸ਼ਾ ਦਾ ਮਾਹੌਲ ਬਣ ਗਿਆ ਸੀ | ਜਿਸ ਦੇ ਚੱਲਦਿਆਂ ਇਕ ਅੱਧੇ ਸਮਾਜ ਵਿਰੋਧੀ ਅਨਸਰ ਕਾਰਨ ਪਿੰਡਾਂ ਵਿਚ ਭਾਈਚਾਰਕ ਸਾਂਝ ਵਿਚ ਫਿੱਕ ਵੀ ਪੈਣ ਲੱਗ ਗਈ ਸੀ | ਇਸ ਮੌਕੇ ਸਰਪੰਚ ਗੁਰਮੇਲ ਕੌਰ, ਸੁਖਵਿੰਦਰ ਸਿੰਘ, ਇਕਬਾਲ ਸਿੰਘ ਪੰਚ, ਸੁਖਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਕਰਮਜੀਤ ਕੌਰ ਪੰਚ, ਗੁਰਵਿੰਦਰ ਸਿੰਘ, ਸੰਦੀਪ ਕੌਰ ਪੰਚ, ਧੰਨਾ ਸਿੰਘ, ਗੇਜਿੰਦਰ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ ਕੈਰੇ ਆਪ ਆਗੂ, ਗੁਰਜੰਟ ਸਿੰਘ ਸਾਬਕਾ ਸਰਪੰਚ, ਪਰਮਜੀਤ ਕੌਰ, ਬਲੌਰ ਸਿੰਘ ਸਾਬਕਾ ਸਰਪੰਚ ਅੰਤਪਾਲ ਸਿੰਘ ਐਸ.ਡੀ.ਓ, ਹਾਕਮ ਸਿੰਘ, ਚਮਕੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਾਜ਼ਰੀ ਲਗਵਾਈ |