ਬਰਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਉਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ | ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰ ਕੇ ਜੁਰਮਾਨਾ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ | ਇਸ ਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ ਜੋ ਫ਼ੀਲਡ ਵਿਚ ਰਹਿ ਕੇ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਿਛਲੇ ਸਮੇਂ ਪਰਾਲੀ ਨੂੰ ਅੱਗ ਲਾਉਣ ਦੇ ਜ਼ਿਆਦਾ ਮਾਮਲੇ ਆਏ ਸਨ, ਓਹਨਾਂ ਦੀ ਵਿਸ਼ੇਸ਼ ਨਜ਼ਰਸਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜੇ ਕਰਨ | ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |