ਬਰਨਾਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਮਨਰੇਗਾ ਕਰਮਚਾਰੀਆਂ ਨੂੰ ਜ਼ਿਲ੍ਹਾ ਬਰਨਾਲਾ ਵਿਚ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਅਤੇ ਅਮਨਦੀਪ ਸਿੰਘ ਕੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਨਰੇਗਾ ਮੁਲਾਜ਼ਮਾਂ ਨੂੰ 4 ਮਹੀਨਿਆਂ ਤੋਂ ਤਨਖ਼ਾਹਾਂ ਨਾ ਦੇਣ ਕਰ ਕੇ ਉਨ੍ਹਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਅਤੇ ਦਫ਼ਤਰੀ ਕੰਮਾਂ ਵਿਚ ਆਉਣ-ਜਾਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਰਿਹਾ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਅਪ੍ਰੈਲ 2026 ਤੋਂ ਤਨਖ਼ਾਹਾਂ ਵਿਚ 10 ਫ਼ੀਸਦੀ ਵਾਧਾ ਵੀ ਅਜੇ ਤੱਕ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਗੂਲਰ ਮੁਲਾਜ਼ਮਾਂ ਦੀ ਬਜਾਏ ਕੱਚੇ ਮੁਲਾਜ਼ਮਾਂ ਤੋਂ ਪੀ.ਐਮ.ਏ.ਵਾਈ. ਦੇ ਕੱਚੇ ਘਰਾਂ ਦਾ ਵੈਰੀਫਿਕੇਸ਼ਨ ਅਤੇ ਪੀ.ਡੀ.ਐਫ. ਰਾਸ਼ਨ ਕਾਰਡਾਂ ਦੇ ਸਰਵੇ ਦਾ ਕੰਮ ਕਰਵਾਇਆ ਜਾ ਰਿਹਾ ਹੈ ਜਦੋਂਕਿ ਜੇ.ਡੀ.ਸੀ. ਮਨਰੇਗਾ ਮੋਹਾਲੀ ਵਲੋਂ ਪੱਤਰ ਜਾਰੀ ਕੀਤਾ ਹੋਇਆ ਹੈ ਕਿ ਕੱਚੇ ਮੁਲਾਜ਼ਮਾਂ ਤੋਂ ਵਾਧੂ ਕੰਮ ਨਹੀਂ ਲਿਆ ਜਾਵੇਗਾ | ਪਰ ਫਿਰ ਵੀ ਰੈਗੂਲਰ ਮੁਲਾਜ਼ਮਾਂ ਨਾਲੋਂ ਵੱਧ ਕੰਮ ਲਿਆ ਜਾ ਰਿਹਾ ਹੈ ਅਤੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ, ਮੁੱਖ ਸਕੱਤਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪਾਸੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਤਨਖ਼ਾਹ ਜਾਰੀ ਕੀਤੀ ਜਾਵੇ ਅਤੇ ਵਾਧੂ ਲਏ ਜਾ ਰਹੇ ਕੰਮ ਬੰਦ ਕੀਤੇ ਜਾਣ |