ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਵਾਰਡਾਂ ਦੀ ਹੱਦਬੰਦੀ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ | ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਡਰਾਫ਼ਟ ਵੋਟਰ ਸੂਚੀਆਂ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਇਨ੍ਹਾਂ ਨੂੰ ਹੱਦਬੰਦੀ ਦੇ ਨਕਸ਼ਿਆਂ ਦੇ ਬਿਲਕੁਲ ਉਲਟ ਦੱਸਿਆ ਹੈ | ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿਚ ਭਾਰੀ ਗੜਬੜੀਆਂ ਹਨ | ਵਾਰਡਬੰਦੀ ਦੇ ਨਕਸ਼ੇ ਮੁਤਾਬਿਕ ਵੋਟਰ ਸੂਚੀਆਂ ਮੇਲ ਨਹੀਂ ਖਾ ਰਹੀਆਂ ਅਤੇ ਇੱਕ ਵਾਰਡ ਦੇ ਵੋਟਰਾਂ ਨੂੰ ਤਿੰਨ-ਤਿੰਨ ਵਾਰਡਾਂ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ | ਉਕਤ ਆਗੂਆਂ ਨੇ ਪ੍ਰਸ਼ਾਸਨਿਕ ਕਾਰਜ ਪ੍ਰਣਾਲੀ 'ਤੇ ਵਿਅੰਗ ਕਰਦਿਆਂ ਅਤੇ ਦਾਅਵੇ ਨਾਲ ਕਿਹਾ ਕਿ ਜੇਕਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਨਗਰ ਨਿਗਮ ਦਾ ਅਧਿਕਾਰੀ ਇਹ ਸਾਬਤ ਕਰ ਦੇਵੇ ਕਿ ਇਹ ਵੋਟਰ ਸੂਚੀਆਂ ਹੱਦਬੰਦੀ ਦੇ ਨਕਸ਼ੇ ਅਨੁਸਾਰ ਬਿਲਕੁਲ ਸਹੀ ਹਨ ਤਾਂ ਉਹ ਉਸ ਅਧਿਕਾਰੀ ਨੂੰ 2 ਲੱਖ ਰੁਪਏ ਦਾ ਨਕਦ ਇਨਾਮ ਦੇਣਗੇ | ਉਨ੍ਹਾਂ ਇਹ ਮੰਗ ਕੀਤੀ ਕਿ ਗ਼ਲਤ ਵੋਟਰ ਸੂਚੀਆਂ ਤਿਆਰ ਕਰਨ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਚੋਣ ਕਮਿਸ਼ਨ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਆਗੂਆਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਵਲੋਂ ਡਰਾਫ਼ਟ ਵੋਟਰ ਸੂਚੀਆਂ ਦੀ ਪੜਤਾਲ ਤੋਂ ਬਾਅਦ 20 ਹਜ਼ਾਰ ਤੋਂ ਵੱਧ ਵੋਟਾਂ ਉਪਰ ਪ੍ਰਸ਼ਾਸਨ ਕੋਲ ਆਪਣੇ ਇਤਰਾਜ਼ ਦਰਜ ਕਰਵਾਏ ਗਏ ਹਨ | ਕਿਸੇ ਵਾਰਡ ਵਿਚ ਸਿਰਫ਼ 1000 ਵੋਟ, ਕਿਸੇ ਵਿਚ 1500 ਵੋਟ ਅਤੇ ਕਿਸੇ ਵਾਰਡ ਵਿਚ 2500 ਤੋਂ ਵਧੇਰੇ ਵੋਟ ਬਣਾਈ ਗਈ ਹੈ | ਵਾਰਡਾਂ ਵਿਚ ਵੋਟਾਂ ਦਾ ਵੱਡਾ ਅੰਤਰ ਪ੍ਰਸ਼ਾਸਨ ਦੀ ਅਣਗਹਿਲੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਵਲੋਂ ਉਠਾਏ ਗਏ ਇਤਰਾਜ਼ਾਂ ਦਾ ਨਿਪਟਾਰਾ ਨਾ ਕੀਤਾ ਅਤੇ ਵੋਟਰ ਸੂਚੀਆਂ ਵਿਚ ਸੁਧਾਰ ਨਾ ਲਿਆਂਦਾ ਤਾਂ ਉਨ੍ਹਾਂ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ |